ਕਿਹਾ, ਸ਼੍ਰੋਮਣੀ ਕਮੇਟੀ ਜ਼ਖ਼ਮੀ ਸ਼ਰਧਾਲੂ ਦੇ ਇਲਾਜ਼ ਦਾ ਚੁੱਕੇਗੀ ਖਰਚਾ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰ ਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਇਕ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਸਾਜ਼ਿਸ਼ ਹੈ।ਉਨ੍ਹਾਂ ਪੰਜਾਬ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲੈਂਦਿਆਂ ਕਿਹਾ ਕਿ ਕਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕਿਆਂ ਅਤੇ ਸ਼ਰਧਾਲੂਆਂ ਦੀ ਮਾਰ ਕੁਟਾਈ ਦੀ ਘਟਨਾਵਾਂ ਅਤੇ ਕਦੇ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ।ਇਹ ਸਿੱਖ ਵਿਰੋਧੀ ਵਰਤਾਰਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੀ ਹੈ।ਜੇਕਰ ਦੋਸ਼ੀਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿਸੇ ਦਾ ਅਜਿਹਾ ਕਰਨ ਦਾ ਹੀਆ ਨਾ ਪਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬੀਤੇ ਕੱਲ੍ਹ ਇਕ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਅਤੇ ਸਿੱਖਾਂ ਖਿਲਾਫ ਗਹਿਰੀ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੋ ਰਿਹਾ ਹੈ।ਇਨ੍ਹਾਂ ਬਣੇ ਹਾਲਾਤਾਂ ਕਰਕੇ ਹੀ ਸਿੱਖ ਸ਼ਰਧਾਲੂਆਂ ਅਤੇ ਸੰਗਤਾਂ ਦੇ ਜਜ਼ਬਾਤ ਭੜਕ ਰਹੇ ਹਨ ਅਤੇ ਲੋਕ ਖੁਦ-ਬਖੁਦ ਕਾਰਵਾਈ ਕਰਨ ਨੂੰ ਮਜ਼ਬੂਰ ਹਨ।
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਘਟਨਾ ਦੌਰਾਨ ਜ਼ਖ਼ਮੀ ਹੋਏ ਸ਼ਰਧਾਲੂ ਸੇਵਾਦਾਰ ਨਾਲ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ ਅਤੇ ਉਸ ਦਾ ਇਲਾਜ਼ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ।
Punjab Post Daily Online Newspaper & Print Media