ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ
ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜ਼ਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ।ਸਾਕੇ ਦੀ ਸਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਦਰਦ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ।ਸ੍ਰੀ ਪਾਉਂਟਾ ਸਾਹਿਬ ਦਾ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿੱਚ ਲਿਆ ਗਿਆ ਸੀ।ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ।ਐਡਵੋਕੇਟ ਧਾਮੀ ਨੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ 23 ਮਈ ਨੂੰ ਸਮਾਗਮ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾਂ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਦੇ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media