ਜਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ
ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਡੀ ਸੀ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖਰੀਦੋ ਫਰੋਖਤ ਕਰ ਲਈ ਜਾਵੇ ਤਾਂ ਜੋ ਲੋੜ ਪੈਣ ‘ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ ਅਤੇ ਫਲੱਡ ਕੰਟਰੋਲ ਰੂਮ ਵਿੱਚ ਯੋਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਜਰੂਰਤ ਪੈਣ ‘ਤੇ ਇਹ ਕਰਮਚਾਰੀ ਮੁਸ਼ਕਲ ਨੂੰ ਸਬੰਧਤ ਅਫਸਰ ਦੇ ਧਿਆਨ ਵਿੱਚ ਲਿਆ ਸਕਣ।ਉਨ੍ਹਾਂ ਜਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਮੰਡੀਆਂ ਦੀ ਸਾਫ ਸਫਾਈ ਦਾ ਪ੍ਰਬੰਧ ਕੀਤਾ ਜਾਵੇ।ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ‘ਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ‘ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ ਉਨ੍ਹਾਂ ਦੀ ਮਦਦ ਲਈ ਜਾ ਸਕੇ।ਉਨਾਂ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ ਅਰਵਿੰਦਰਪਾਲ ਸਿੰਘ ਅਜਨਾਲਾ, ਸ੍ਰੀਮਤੀ ਅਲਕਾ ਕਾਲੀਆ ਬਾਬਾ ਬਕਾਲਾ, ਸ੍ਰੀਮਤੀ ਹਰਨੂਰ ਢਿਲੋਂ ਮਜੀਠਾ, ਰਾਜੇਸ਼ ਸ਼ਰਮਾ ਲੋਪੋਕੇ, ਜਿਲ੍ਹਾ ਮਾਲ ਅਫਸਰ ਰਾਮ ਕਿਸ਼ਨ, ਐਸ.ਸੀ ਇੰਦਰਜੀਤ ਸਿੰਘ, ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਤਹਿਸੀਲਦਾਰ ਬੀਰਕਰਨ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media