Friday, September 11, 2026

ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ-ਰਣੀਕੇ

ਮਾਨਾਂਵਾਲਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਕੀਤੀ ਅਪੀਲ

Gulzar Singh Ranikeਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਮਾਨਾਂਵਾਲਾ ਦੇ ਨਜਦੀਕ ਪਿੰਡ ਬਿਸ਼ੰਬਰਪੁਰਾ ਵਿਖੇ ਕੱਲ੍ਹ 21 ਦਸੰਬਰ 2014 ਨੂੰ ਮਨਾਏ ਜਾ ਰਹੇ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦੇਦਿੰਆਂ ਸ੍ਰੀ ਗੁਲਜਾਰ ਸਿੰਘ ਰਣੀਕੇ ਕੈਬਨਿਟ ਵਜੀਰ ਪੰਜਾਬ ਨੇ ਦੱਸਿਆ ਕਿ ਅਮਰ ਸ਼ਹੀਦ ਭਾਈ ਜੀਵਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਸ਼ਹੀਦੀ ਸਮਾਗਮ ਵਿਚ ਸ਼ਿਰਕਤ ਕਰਨਗੇ। ਉਨਾਂ ਤੋ ਇਲਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ, ਪੰਜਾਬ ਸਮੇਤ ਸਮੁੱਚੀ ਕੈਬਨਿਟ ਦੇ ਵਜੀਰ, ਮੁੱਖ ਸੰਸਦੀ ਸਕੱਤਰ, ਵਿਧਾਇਕ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸ਼ਖਸ਼ੀਅਤਾਂ ਸਮਾਗਮ ਵਿਚ ਸ਼ਿਰਕਤ ਕਰਨਗੀਆਂ।

ਸ. ਰਣੀਕੇ ਨੇ ਅੱਗੇ ਦੱਸਿਆ ਕਿ ਵਿਸ਼ਾਲ ਪੱਧਰ ‘ਤੇ ਸ਼ਹੀਦੀ ਸਮਾਗਮ ਮੌਕੇ ਮਹਾਨ ਸ਼ਹੀਦ ਨੂੰ ਸਿਜਦਾ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਨੂੰ ਦੇਖਦਿਆਂ 100 ਏਕੜ ਜ਼ਮੀਨ ‘ਤੇ ਪੰਡਾਲ ਲਗਾਉਣ, ਪਾਰਕਿੰਗ, ਆਵਾਜਾਈ ਤੋਂ ਇਲਾਵਾ ਹੋਰਨਾਂ ਸਬੰਧਿਤ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦ ਨੂੰ ਨਤਮਸਤਕ ਹੋਣ ਲਈ ਸਮਾਗਮ ਵਿੱਚ ਸ਼ਿਰਕਤ ਕਰਨ।
ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਰਾਜ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਕੀਤਾ ਹੈ ਉੱਥੇ ਆਪਣੇ ਇਤਿਹਾਸ ਤੇ ਸਭਿਆਚਾਰ ਨੂੰ ਸਾਂਭਣ ਅਤੇ ਪ੍ਰਫੁੱਲਿਤ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ. ਪਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਸੁਯੋਗ ਅਗਵਾਈ ਹੇਠ ਨੌਜਵਾਨ ਪੀੜੀ ਨੂੰ ਆਪਣੀ ਪਰੰਪਰਾ ਅਤੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਯੋਧਿਆਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਤੇ ਉਹਨਾਂ ਨਾਲ ਸੰਬੰਧਿਤ ਦਿਹਾੜੇ ਵਿਸ਼ਾਲ ਪੱਧਰ ‘ਤੇ ਮਨਾਏ ਜਾ ਰਹੇ ਹਨ।
ਕੈਬਨਿਟ ਵਜ਼ੀਰ ਸ. ਰਣੀਕੇ ਨੇ ਦੱਸਿਆ ਕਿ ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ), ਜਿਸਨੇ ਕਿ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸੀਸ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਲੈ ਕੇ ਆਉਣ ਦੇ ਮਹਾਨ ਤੇ ਔਖੇ ਕਾਰਜ ਨੂੰ ਸੰਪੰਨ ਕੀਤਾ, ਜਿਸ ਕਾਰਨ ਉਹਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸੀਨੇ ਨਾਲ ਲਾਉਂਦਿਆਂ ‘ ਰੰਘਰੇਟੇ ਗੁਰੂ ਕੇ ਬੇਟੇ’ ਦਾ ਖ਼ਿਤਾਬ ਦੇ ਕੇ ਨਿਵਾਜਿਆ। ਸ਼ਹੀਦ ਭਾਈ ਜੀਵਨ ਸਿੰਘ 55 ਸਾਲ ਦੀ ਉਮਰ ਵਿੱਚ ਸੰਨ੍ਹ 1704 ਨੂੰ ਚਮਕੌਰ ਸਾਹਿਬ ਵਿਖੇ ਦੁਸ਼ਮਣ ਸੈਨਾ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਉਨਾਂ ਕਿਹਾ ਕਿ ਮਹਾਨ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਣਾ ਸਾਡੇ ਲਈ ਤਸੱਲੀ ਤੇ ਮਾਣ ਵਾਲੀ ਗੱਲ ਹੈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply