Tuesday, October 3, 2023

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਹਾਸਲ ਕੀਤੀ।ਸਟੱਡੀ ਸਰਕਲ ਵੱਲੋਂ ਹਰ ਸਾਲ ਲਗਾਏ ਜਾਂਦੇ ਇਸ ਕੈਂਪ ਵਿੱਚ ਪੱਛਮੀ ਬੰਗਾਲ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਹਿਯੋਗ ਕੀਤਾ ਜਾਂਦਾ ਹੈ।ਇਸ ਵਾਰ ਆਸਨਸੋਲ ਕੈਂਪ ਦੇ ਮੁੱਖ ਸੰਚਾਲਕ ਵਜੋਂ ਗੁਰਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਗੁਰਮਤਿ ਸਮਰ ਕੈਂਪ ਦੀ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਸਿੱਖ ਨੌਜੁਆਨੀ ਅੰਦਰ ਸਿੱਖੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਸਾਬਤ ਹੁੰਦੇ ਹਨ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਵਾਸਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਲਗਾਤਾਰ ਕਾਰਜ਼ ਕਰ ਰਹੀ ਹੈ।ਜਿਹੜੀਆਂ ਸਿੱਖ ਸੰਸਥਾਵਾਂ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਹਨ, ਉਨ੍ਹਾਂ ਦਾ ਸਹਿਯੋਗ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਕਾਰਜਾਂ ਵਿਚ ਸਹਿਯੋਗੀ ਬਣੀ ਰਹੇਗੀ।
ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਪ੍ਰਚਾਰਕਾਂ ਦੀ ਕੀਤੀ ਮੰਗ ’ਤੇ ਭਾਈ ਗਰੇਵਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਕਰਕੇ ਲੋੜ ਅਨੁਸਾਰ ਜਥੇ ਭੇਜੇ ਜਾਣਗੇ।ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਸਿੱਖੀ ਪ੍ਰਚਾਰ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ।ਗੁਰਮਤਿ ਸਮਰ ਕੈਂਪ ਦੌਰਾਨ ਧਾਰਮਿਕ ਮੁਕਾਬਲਿਆਂ ਵਿੱਚ ਬੇਹਤਰ ਕਾਰਗੁਜ਼ਾਰੀ ਦਿਖਾਉਣ ਅਤੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਸਮੂਹ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸੂਰਤ ਸਿੰਘ ਨਲਵਾ, ਅਮਰਜੀਤ ਸਿੰਘ ਬਰਾਰਾ, ਤੇਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ, ਇੰਦਰ ਸਿੰਘ, ਮਨਜੀਤ ਸਿੰਘ ਨਿਰਸਾ, ਜਤਿੰਦਰ ਸਿੰਘ, ਗੁਰਦੀਪ ਸਿੰਘ ਆਸਨਸੋਲ, ਦਲਵਿੰਦਰ ਸਿੰਘ, ਜੋਗਿੰਦਰ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ, ਬੀਬੀ ਦਲਜੀਤ ਕੌਰ, ਬੀਬੀ ਮਨਿੰਦਰ ਕੌਰ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ, ਜਗਮੀਤ ਸਿੰਘ ਆਦਿ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …