ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਜਲੰਧਰ ‘ਚ 11 ਜੂਨ ਨੂੰ ਹੋਵੇਗੀ ਚਰਚਾ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿੱਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵਲੋਂ ਗੰਭੀਰਤਾ ਨਾਲ
ਲਿਆ ਜਾ ਰਿਹਾ ਹੈ।ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚਰਚਾ ਕੀਤੀ ਜਾ ਰਹੀ ਹੈ।
ਸਮਾਜਿਕ ਸੁਰੱਖਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿੱਚ ਜਾਣ ਦੀਆਂ ਇਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆਂ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।ਇਸ ਸਥਿਤੀ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿੱਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿੱਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਕੀਤੀ ਜਾਵੇਗੀ।
ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਊਜੀਲੈਂਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।
ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰਾਂ ਵਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿੱਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ।ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ ਜਲੰਧਰ 90231-31010 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Post Daily Online Newspaper & Print Media