1552 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 32 ਲੱਖ 25 ਹਜ਼ਾਰ ਦੀ ਵਜੀਫਾ ਰਾਸ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿੱਚ ਲਈ ਗਈ ਧਾਰਮਿਕ
ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਮੈਰਿਟ ਵਿਚ ਆਉਣ ਵਾਲੇ 1552 ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਵਜੋਂ 32 ਲੱਖ 25 ਹਜ਼ਾਰ ਰੁਪਏ ਅਤੇ ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜ਼ਿਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ਼ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ।ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਨਾਲ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ।ਧਰਮ ਪ੍ਰਚਾਰ ਕਮੇਟੀ ਵੱਲੋਂ 17 ਮਿਸ਼ਨਰੀ ਕਾਲਜ ਅਤੇ ਵਿਦਿਆਲੇ ਨੌਜੁਆਨਾਂ ਨੂੰ ਗੁਰਬਾਣੀ ਕੀਰਤਨ ਅਤੇ ਧਰਮ ਦੀ ਸਿੱਖਿਆ ਦੇਣ ਲਈ ਕਾਰਜਸ਼ੀਲ ਹਨ।ਇਸ ਦੇ ਨਾਲ ਹੀ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਧਰਮ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।
ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਗਰੁੱਪਾਂ ਵਿਚੱ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਵਿਛੋਆ, ਬਲਵਿੰਦਰ ਸਿੰਘ ਵੇਈਂਪੂਈਂ, ਹਰਪਾਲ ਸਿੰਘ ਜੱਲਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਡਾ. ਅਮਰਜੀਤ ਸਿੰਘ, ਇੰਚਾਰਜ ਕੁਲਵਿੰਦਰ ਸਿੰਘ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media