Monday, March 31, 2025
Breaking News

ਗਿ. ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਤੇ ਗਿ. ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦਾ ਫੈਸਲਾ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ, ਇਸ ਲਈ ਅੱਜ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਲਗਾਉਣ ਦਾ ਫੈਸਲਾ ਲਿਆ ਹੈ।ਉਨ੍ਹਾਂ ਦੱਸਿਆ ਕਿ ਸਿੱਖ ਕੌਮ ਵੱਲੋਂ ਕਾਰਜਕਾਰੀ ਜਥੇਦਾਰ ਦੀ ਥਾਂ ਬਤੌਰ ਜਥੇਦਾਰ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਸ ਵਾਸਤੇ ਸਹਿਮਤੀ ਪ੍ਰਗਟਾਈ ਗਈ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਜਥੇਦਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਸੇਵਾ ਵੀ ਦਿੱਤੀ ਗਈ ਹੈ।ਇਸੇ ਤਰ੍ਹਾਂ ਗਿਆਨੀ ਸੁਲਤਾਨ ਸਿੰਘ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਸੇਵਾ ਵੀ ਜਾਰੀ ਰੱਖਣਗੇ।ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਵੀ ਕੀਤੀ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ, ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਇੰਚਾਰਜ ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

 

Check Also

ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ …