Monday, March 23, 2026

ਮੁੱਖ ਮੰਤਰੀ ਪੰਜਾਬ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ ’ਚ ਦੇ ਰਹੇ ਹਨ ਦਖਲ – ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ।ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜ਼ਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ ’ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਪਾਸੋਂ ਕੋਈ ਪੈਸੇ ਵੀ ਨਹੀਂ ਲਏ ਜਾਂਦੇ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਸੇ ਸਾਲ ਜੁਲਾਈ ਮਹੀਨੇ ਵਿਚ ਪੀ.ਟੀ.ਸੀ ਚੈਨਲ ਪਾਸੋਂ ਖ਼ਤਮ ਹੋਣ ਉਪਰੰਤ ਅਗਲੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਸਬ-ਕਮੇਟੀ ਇਸ ਸਬੰਧੀ ਕਾਰਜ ਕਰ ਰਹੀ ਹੈ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਵੀ ਸਾਹਮਣੇ ਆਉਣਗੇ।
ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਦਾ ਐਲਾਨ ਕੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਨਹੀਂ ਹੈ? ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਸੰਗਤ ਨੂੰ ਗੁੰਮਰਾਹ ਕਰਨ ਦੀ ਥਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਆਉਂਦੇ ਰਸਤਿਆਂ ਅਤੇ ਚੌਗਿਰਦੇ ਦੀ ਸਾਂਭ-ਸੰਭਾਲ ਵੱਲ ਧਿਆਨ ਦੇਣ, ਜੋ ਸਰਕਾਰ ਦੇ ਕਰਨ ਵਾਲਾ ਕਾਰਜ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਬਿਨਾਂ ਅਧਿਕਾਰ ਖੇਤਰ ਤੋਂ ਹੀ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੂਬੇ ਦੀ ਵਿਧਾਨ ਸਭਾ ਵਿਚ ਲੈ ਕੇ ਜਾ ਰਹੀ ਹੈ, ਜਦਕਿ ਪੰਜਾਬ ਦੀ ਸੂਬਾ ਸਰਕਾਰ ਪਾਸ ਐਕਟ 1925 ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਸਬੰਧੀ ਪਹਿਲਾਂ ਵੀ ਗੁਰੂ ਨਾਨਕ ਦੇਵ ਯੂਨੀਵਰਸਲ ਬ੍ਰਦਰਹੁੱਡ ਸੁਸਾਇਟੀ ਨਾਂ ਦੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਣਯੋਗ ਕੋਰਟ ਵੱਲੋਂ ਖਾਰਜ਼ ਕਰ ਦਿੱਤਾ ਗਿਆ ਸੀ।ਪਹਿਲਾਂ ਵੀ ਗੁਰਬਾਣੀ ਪ੍ਰਸਾਰਣ ਦੇ ਅਧਿਕਾਰਾਂ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਫਿਰ ਭਗਵੰਤ ਸਿੰਘ ਮਾਨ ਇਹ ਸ਼ਰਾਰਤ ਕਰ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ।ਉਨਾਂ ਨੇ ਭਗਵੰਤ ਸਿੰਘ ਮਾਨ ਦੀ ਇਸ ਸੋਚ ਵਿਰੁੱਧ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਅਵਾਜ਼ ਚੁੱਕਣ ਵਾਲੇ ਆਗੂਆਂ ਦਾ ਧੰਨਵਾਦ ਵੀ ਕੀਤਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …