Monday, August 24, 2026

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ `ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ।ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰੱਈਏ ਸਨ, ਜਿਨ੍ਹਾਂ ਨੇ ਜਾਲਮਾਂ ਨੂੰ ਸੋਧ ਕੇ ਸਿੱਖ ਰਾਜ ਕਾਇਮ ਕੀਤਾ ਅਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ।ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …