ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ – ਐਡਵੋਕੇਟ ਧਾਮੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ
ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਏ ਇਸ ਵਿਸ਼ੇਸ਼ ਇਜਲਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ।ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਰੂਪ ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੀ ਸਖ਼ਤ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਾਸ ਕੀਤੇ ਗਏ ਮਤੇ ਵਿਚ ਪੰਜਾਬ ਸਰਕਾਰ ਦੇ ਸਿੱਖ ਵਿਰੋਧੀ ਫੈਸਲੇ ਖਿਲਾਫ਼ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਆਰੰਭਣ ਦੀ ਚੇਤਾਵਨੀ ਦਿੱਤੀ ਗਈ।ਮਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ।ਮਤੇ ’ਚ ਕਿਹਾ ਗਿਆ ਕਿ ਸ੍ਰੀ ਭਗਵੰਤ ਮਾਨ ਦੀ ਸਰਕਾਰ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਵਾਪਸ ਲਵੇ, ਨਹੀਂ ਤਾਂ ਤਿੱਖੇ ਸੰਘਰਸ਼ ਦੇ ਸਾਹਮਣੇ ਲਈ ਤਿਆਰ ਰਹੇ।ਐਡਵੋਕੇਟ ਧਾਮੀ ਨੇ ਮਤਾ ਪੇਸ਼ ਕਰਦਿਆਂ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਸੰਭਵ ਹੈ।ਸੰਨ 1959 ਵਿਚ ਮਾਸਟਰ ਤਾਰਾ ਸਿੰਘ ਅਤੇ ਪੰਡਤ ਜਵਾਹਰ ਲਾਲ ਨਹਿਰੂ ਦਰਮਿਆਨ ਹੋਏ ਸਮਝੌਤੇ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 72 ਦਾ ਹਵਾਲਾ ਦਿੱਤਾ।ਪਰ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਆਕਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਇਹ ਹਿਮਾਕਤ ਕੀਤੀ ਹੈ।ਉਨ੍ਹਾਂ ਮਤੇ ਵਿਚ ਸਾਫ਼ ਤੌਰ ’ਤੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸੰਘਰਸ਼ ਲੜਿਆ ਜਾਵੇਗਾ।ਮਤੇ ਵਿਚ ਇਹ ਵੀ ਕਿਹਾ ਗਿਆ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣ, ਕੇਸਾਂ ਦੀ ਤੌਹੀਨ ਕਰਨ, ਰਾਗੀ ਸਿੰਘਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਭੱਟ ਸਾਹਿਬਾਨ ਤੇ ਭਗਤ ਸਾਹਿਬਾਨ ਦਾ ਨਾਂ ਸਤਿਕਾਰਹੀਣ ਭਾਸ਼ਾ ਵਿਚ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਸਿੱਖ ਕੌਮ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਸਵੰਤ ਸਿੰਘ ਪੁੜੈਣ, ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਅਮਰਜੀਤ ਸਿੰਘ ਬੰਡਾਲਾ, ਸਰਵਣ ਸਿੰਘ ਕੁਲਾਰ, ਕੌਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਬੈਂਸ, ਅਮਰੀਕ ਸਿੰਘ ਸ਼ਾਹਪੁਰ, ਬਲਦੇਵ ਸਿੰਘ ਚੂੰਘਾ, ਚਰਨ ਸਿੰਘ ਆਲਮਗੀਰ, ਰਣਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਜੱਲਾ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੀ ਗਲਤੀ ਮੁਆਫ਼ ਕਰਨਯੋਗ ਨਹੀਂ ਹੈ।ਇਹ ਵਿਚਾਰ ਵੀ ਪ੍ਰਗਟ ਕੀਤਾ ਗਿਆ ਕਿ ਮੁੱਖ ਮੰਤਰੀ ਤੇ ਵਿਧਾਇਕਾਂ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿਚ ਹੋਈਆਂ ਹਨ, ਜੋ ਖੁਦ ਅੰਮ੍ਰਿਤਧਾਰੀ ਹਨ।ਇਸ ਲਈ ਸਪੀਕਰ ਸੰਧਵਾਂ ਵੀ ਕੌਮ ਪਾਸੋਂ ਮੁਆਫ਼ੀ ਮੰਗਣ।
ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਜ਼ਰ ਸਾਰੇ ਮੈਂਬਰਾਂ ਨੇ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਹੈ, ਜਿਸ ਲਈ ਉਹ ਸਭ ਦੇ ਧੰਨਵਾਦੀ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਪੁਰਾਤਨ ਰਵਾਇਤਾਂ ਅਨਸੁਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ਾਂ ਦੀ ਅਗਵਾਈ ਵਿਚ ਸੰਘਰਸ਼ ਅਰੰਭ ਹੋਵੇਗਾ।
ਇਸ ਤੋਂ ਪਹਿਲਾਂ ਸੰਵਿਧਾਨਕ ਤੌਰ ’ਤੇ ਦੇਸ਼ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ।ਐਡਵੋਕੇਟ ਧਾਮੀ ਨੇ ਗੁਰਬਾਣੀ ਪ੍ਰਸਾਰਣ ਬਾਰੇ ਵੀ ਸਾਫ਼ ਤੌਰ ’ਤੇ ਕਿਹਾ ਕਿ ਸੰਗਤ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ।ਸਬ-ਕਮੇਟੀ ਦੀਆਂ ਕੁੱਝ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਮੇਂ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਜਾਵੇਗਾ।
ਜਨਰਲ ਇਜਲਾਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸ਼ਾਹਬਾਜ਼ ਸਿੰਘ, ਜਸਵਿੰਦਰ ਸਿੰਘ ਜੱਸੀ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਆਦਿ ਮੌਜ਼ੂਦ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media