ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਦੀ ਗਰਾਂਟ ਦਾ ਐਲਾਨ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਵਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ, ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉਪਰ ਸਨਮਾਨ ਕਰਦੀ ਹੈ।
ਅਨਾਜ ਮੰਡੀ ਬਡਰੁੱਖਾਂ ਵਿਖੇ ਰਾਜ ਪੱਧਰੀ ਸਮਾਗਮ ‘ਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵਲੋਂ ਪਿਛਲੇ ਕਰੀਬ ਪੰਦਰਾਂ ਮਹੀਨਿਆਂ ਦੌਰਾਨ ਰਿਸ਼ਵਤਖੋਰੀ ਨੂੰ ਨੱਥ ਪਾ ਕੇ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਬਡਰੁੱਖਾਂ ਵਿਖੇ ਚੱਲ ਰਹੇ ਕਰੋੜਾਂ ਦੇ ਵਿਕਾਸ ਕਾਰਜ਼ਾਂ ਤੋਂ ਇਲਾਵਾ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ‘ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ ਇਲਾਕਾ ਨਿਵਾਸੀ ਹਾਜ਼ਰ ਸਨ।
Punjab Post Daily Online Newspaper & Print Media