Sunday, December 22, 2024

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਨੇ ਤਿਆਰੀਆਂ ਵਿੱਢੀਆਂ – ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਵਲੋਂ ਬਲਾਕ ਖੇਤੀਬਾੜੀ ਅਫਸਰ ਰਈਆ ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਹੈ, ਜਿੰਨਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਹੋਣ ਉਪਰੰਤ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਹੁਣ ਇੰਨਾਂ ਪਿੰਡਾਂ ਵਿੱਚ ਡਿਪਟੀ ਕਮਿਸ਼ਨਰ ਵਲੋਂ ਵਾਤਾਵਰਣ ਬਚਾਓ ਕਮੇਟੀ ਬਣਾਉਣ ਦੇ ਨਿਰਦੇਸ਼ ਪ੍ਰਾਪਤ ਹੋਏ ਹਨ।ਇਸ ਕਮੇਟੀ ਵਿੱਚ ਪਿੰਡ ਦਾ ਸਰਪੰਚ, ਨੰਬਰਦਾਰ ਅਤੇ ਦੋ ਅਗਾਂਹਵਧੂ ਕਿਸਾਨ ਮੈਂਬਰ ਹੋਣਗੇ ਜੋ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ।
ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਸਮੇਂ ਸਿਰ ਬੇਲਰ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਜਿੰਨਾਂ ਕਿਸਾਨਾਂ ਨੇ ਝੋਨੇ ਦੀ ਕਟਾਈ ਕਰਕੇ ਸਬਜੀਆਂ ਦੀ ਕਾਸ਼ਤ ਕਰਨੀ ਹੈ, ਉਹਨਾਂ ਨੂੰ ਪਰਾਲੀ ਸਾਂਭਣ ਵਿੱਚ ਕੋਈ ਮੁਸ਼ਕਿਲ ਨਾ ਆਵੇ।ਉਹਨਾਂ ਕਿਹਾ ਕਿ ਸਰਕਾਰ ਵਲੋਂ ਸਬਸਿਡੀ ‘ਤੇ ਵੰਡੀ ਗਈ ਖੇਤੀ ਮਸ਼ੀਨਰੀ ਨੂੰ ਪਰਾਲੀ ਸੰਭਾਲ ਲਈ ਵਰਤੋਂ ਵਿੱਚ ਲਿਆਉਣ ਲਈ ਸਾਰੇ ਕਸਟਮ ਹਾਇਰਿੰਗ ਸੈਂਟਰਾਂ, ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਨੂੰ ਵੀ ਹੁਣ ਤੋਂ ਹੀ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜ਼ਾਈ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਜੀਰੋ ਸਟੱਬਲ ਬਰਨਿੰਗ ਟੀਚੇ ਨੂੰ ਪੂਰਾ ਕਰਨ ਲਈ ਸਮੂਹ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਝੋਨੇ ਦੀ ਕਟਾਈ ਉਪਰੰਤ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਦੀਆਂ ਗੱਠਾਂ ਬਣਾ ਕੇ ਜਾਂ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜ਼ਾਈ ਕਰਨ।ਗਿੱਲ ਨੇ ਦੱਸਿਆ ਕਿ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਬਤੌਰ ਕਲਸਟਰ ਅਫਸਰ ਅਤੇ ਪਿੰਡ ਪੱਧਰੀ ਨੋਡਲ ਅਫਸਰ ਵਜੋਂ ਲਗਾਈਆਂ ਜਾ ਰਹੀਆਂ ਹਨ ਜੋ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਅੱਗ ਲੱਗਣ ਦੀਆਂ ਘਟਾਨਾਵਾ ਨੂੰ ਰੋਕਣ ਲਈ ਕੰਮ ਕਰਨਗੇ।
ਇਸ ਮੌਕੇ ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਰਿਆੜ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ ਅਤੇ ਹਰਮੀਤ ਸਿੰਘ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …