Thursday, March 19, 2026

ਵਿਜੀਲੈਂਸ ਵਲੋਂ 8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ਼

ਮੁਲਜ਼ਮ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖਿਲਾਫ਼ ਐਕੁਆਇਰ ਕੀਤੀ 20 ਵਿਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ਼ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ ਅੰਮ੍ਰਿਤਸਰ ਦੀ ਸ਼ਿਕਾਇਤ `ਤੇ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ 2023 ਨੂੰ ਐਂਟੀ ਕੁਰੱਪਸ਼ਨ ਪੋਰਟਲ `ਤੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ 2022 ਨੂੰ ਗ੍ਰਹਿਣ ਕੀਤੀ ਗਈ 20 ਵਿਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ ਹੈ।ਅਦਾਲਤ ਨੇ ਉਕਤ 20 ਵਿਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …