ਨਾਜਾਇਜ਼ ਕਬਜ਼ੇ ਹਟਾ ਕੇ ਪਾਣੀ ਦਾ ਕੁਦਰਤੀ ਵਹਾਅ ਬਹਾਲ ਕਰਵਾਉਣ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨਾਂ ਵਿੱਚ ਪਏ ਮੀਂਹ ਕਾਰਨ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ
ਅਤੇ ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ ਨੇ ਇਲਾਕੇ ਦੇ ਉਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ, ਜਿਥੇ ਕਿ ਪਾਣੀ ਰੁਕ ਜਾਣ ਕਾਰਨ ਸਮੱਸਿਆ ਆਈ ਹੈ।ਇੰਨਾ ਪਿੰਡਾਂ ਵਿੱਚ ਬਿਆਸ, ਕਾਲੇਕੇ, ਸੁਧਾਰ ਰਾਜਪੂਤਾਂ, ਖਿਲਚੀਆਂ, ਜਸਪਾਲ, ਭਲਾਈਪੁਰ ਪੁਰਬਾ ਆਦਿ ਪਿੰਡ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਬੰਨ੍ਹ ’ਤੇ ਵੀ ਪਾਣੀ ਦੇ ਪੱਧਰ ’ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ । ਉਨਾਂ ਕਿਹਾ ਜਿਥੇ ਵੀ ਲੋਕਾਂ ਨੇ ਨਾਜਾਇਜ਼ ਕਬਜੇ ਕੀਤੇ ਹਨ, ਉਨਾਂ ਨੂੰ ਹਟਾ ਕੇ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕੀਤਾ ਜਾਵੇ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਊਂ ਤੌਰ ’ਤੇ ਡਾਕਟਰੀ ਟੀਮਾਂ ਤੈਨਾਤ ਕਰਨ ਸਮੇਤ ਐਂਟੀ ਸਨੇਕ ਵੈਨੁਮ ਦਵਾਈ ਵੱਡੀ ਮਾਤਰਾ ਵਿਚ ਉਪਲੱਬਧ ਰੱਖਣ ਦੀ ਹਦਾਇਤ ਕੀਤੀ।ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਤੋਂ ਹੀ ਤਿਆਰੀ ਰੱਖੀ ਜਾਵੇ ਤਾਂ ਜੋ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਘਬਰਾਉਣ ਦੀ ਲੋੜ ਨਹੀਂ ਹੈ, ਪਰ ਫਿਰ ਵੀ ਅਸੀਂ ਪਾਣੀ ਆਉਣ ਦੀ ਸਥਿਤੀ ਵਿਚ ਲੋਕਾਂ ਨੂੰ ਠਹਿਰਾਉਣ ਸਮੇਤ ਖਾਣ ਪੀਣ ਦੇ ਯੋਗ ਪ੍ਰਬੰਧ ਕੀਤੇ ਹਨ।ਉਨ੍ਹਾਂ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਚੌਕਸੀ ਵਰਤਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ।ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ, ਜਿਸ ਦੇ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚਾ ਅਮਲਾ ਕਾਰਜ਼ਸ਼ੀਲ ਹੈ।
Punjab Post Daily Online Newspaper & Print Media