Friday, October 18, 2024

ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਰਾਹਤ ਕਾਰਜ਼ਾਂ ਦਾ ਲਿਆ ਜਾਇਜ਼ਾ

ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਕਿਸੇ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿੱਚ ਖੁਦ ਉਤਰ ਕੇ ਰਾਹਤ ਕਾਰਜ਼ਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜ਼ਾਮਾ ਪਾਇਆ ਹੋਇਆ ਸੀ, ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤਿਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ।ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿੱਚ ਵੀ ਗਏ, ਜਿਥੇ ਜੇ.ਸੀ.ਬੀ ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ।ਘੱਗਰ ਨਾਲ ਲੱਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਜੁੱਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ, ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ `ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ `ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁਟ ਹੋਣਾ ਚਾਹੀਦਾ ਹੈ।ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ `ਤੇ ਗੇੜੇ ਨਹੀਂ ਲਾ ਰਹੇ, ਸਗੋਂ ਉਹ ਜ਼ਮੀਨੀ ਪੱਧਰ `ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿੱਚ ਉਤਰੇ ਹਨ।ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ, ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ `ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ `ਤੇ ਬਾਕਾਇਦਾ ਨਜ਼ਰ ਰੱਖ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ `ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ‘ਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।
ਇਸ ਮੌਕੇ ਵਿਧਾਇਕ ਲਹਿਰਾ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਚੇਅਰਮੈਨ ਜਸਵੀਰ ਸਿੰਘ ਕੁਦਨੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …