ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ ਤੇ ਖਨੋਰੀ ਦੇ ਹੜ੍ਹ ਪ੍ਰਭਾਵਿਤ ਡੇਰਿਆਂ, ਢਾਣੀਆਂ, ਪਿੰਡਾਂ
ਅਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਤੱਕ ਭੋਜਨ, ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਖੁਦ ਕਮਾਨ ਸੰਭਾਲੀ ਰੱਖੀ। ਉਨਾਂ ਨੇ ਦੱਸਿਆ ਕਿ ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਰਾਹਤ ਕੇਂਦਰਾਂ ਵਿਖੇ ਸੁਰੱਖਿਅਤ ਤੌਰ ’ਤੇ ਪਹੁੰਚਾਇਆ ਗਿਆ ਹੈ ਅਤੇ ਜਿਹੜੇ ਵਿਅਕਤੀ ਰਾਜ਼ੀ ਨਹੀਂ ਹੋਏ ਉਨ੍ਹਾਂ ਨੂੰ ਘਰਾਂ ਤੱਕ ਹੀ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਹਰੇਕ ਪ੍ਰਭਾਵਿਤ ਪਿੰਡ ਵਿੱਚ ਮੈਡੀਕਲ ਤੇ ਵੈਟਰਨਰੀ ਡਾਕਟਰ ਕਿਸ਼ਤੀਆਂ ਰਾਹੀਂ ਜਾ ਕੇ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਦੋ ਦਿਨਾਂ ਵਿੱਚ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ 577 ਲੋੜਵੰਦਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਹਤ ਕਾਰਜ਼ਾਂ ਵਿੱਚ ਪ੍ਰਸ਼ਾਸਨ ਦੇ ਸਹਿਯੋਗ ਲਈ ਫੌਜ ਦੇ 3 ਕਾਲਮ ਤੇ ਐਨ.ਡੀ.ਆਰ.ਐਫ ਦੀਆਂ 3 ਟੀਮਾਂ ਕਾਰਜਸ਼ੀਲ ਹਨ।ਵੱਡੀ ਗਿਣਤੀ ‘ਚ ਕਿਸ਼ਤੀਆਂ ਤੇ ਟਰਾਲੀਆਂ ਰਾਹੀਂ ਹਰ ਪ੍ਰਭਾਵਿਤ ਪਿੰਡ ਵਿੱਚ ਲੋਕਾਂ ਨੂੰ ਪਾਣੀ ਦੀਆਂ ਬੋਤਲਾਂ ਤੇ ਸੁੱਕਾ ਰਾਸ਼ਨ ਪਹੁੰਚਾਉਣ ਦੇ ਨਾਲ-ਨਾਲ ਪਾਣੀ ‘ਚ ਫਸੇ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲੋਕਾਂ ਦੀ ਸੰਭਾਵੀ ਜ਼ਰੂਰਤ ਦੇ ਮੱਦੇਨਜ਼ਰ ਮੂਨਕ ਤੇ ਖਨੌਰੀ ਖੇਤਰਾਂ ਵਿੱਚ ਹਰ ਸੁਵਿਧਾ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਹੁਣ ਸਾਡੀਆਂ ਪ੍ਰਸ਼ਾਸਨਿਕ ਟੀਮਾਂ ਵੱਲੋਂ ਪੁਲਿਸ, ਫੌਜ ਤੇ ਐਨ.ਡੀ.ਆਰ.ਐਫ ਦੇ ਜਵਾਨਾਂ ਦੇ ਸਹਿਯੋਗ ਨਾਲ ਹਰ ਉਸ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਇਸ ਸਮੇਂ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐਸ.ਡੀ.ਐਮ ਸੂਬਾ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਲਾਰਡ ਸ਼ਿਵਾ ਸਕੂਲ ਹਮੀਰਗੜ੍ਹ, ਨਗਰ ਪੰਚਾਇਤ ਦਫ਼ਤਰ ਖਨੌਰੀ ਅਤੇ ਸਰਕਾਰੀ ਸਕੂਲ ਰਾਮਪੁਰ ਗੁੱਜਰਾਂ ਵਿੱਚ ਵਿਸ਼ੇਸ਼ ਤੌਰ ’ਤੇ ਰਾਹਤ ਕੇਂਦਰ ਸਥਾਪਤ ਕਰਕੇ ਲੋੜਵੰਦਾਂ ਨੂੰ ਸੁਵਿਧਾ ਮੁਹੱਈਆ ਕਰਵਾਉਣ ਦਾ ਹਰ ਪ੍ਰਬੰਧ ਕੀਤਾ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਮੂਨਕ, ਖਨੌਰੀ ਤੇ ਆਲੇ ਦੁਆਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਕੋਈ ਨਾਗਰਿਕ ਪਾਣੀ ਜ਼ਿਆਦਾ ਆਉਣ ਕਾਰਨ ਫਸ ਗਿਆ ਹੋਵੇ ਤਾਂ ਉਹ ਕੰਟਰੋਲ ਰੂਮ ਦੇ ਨੰਬਰ 01672-234196 ’ਤੇ ਸੰਪਰਕ ਕਰ ਸਕਦਾ ਹੈ।
ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵੀ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਦਾਨੀ ਸੱਜਣ ਜਾਂ ਸੰਸਥਾ ਨੂੰ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਖੁਦ ਪਹੁੰਚ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਕਿਉਂਕਿ ਇਸ ਨਾਲ ਕੀਮਤੀ ਜਾਨਾਂ ਨੂੰ ਖਤਰਾ ਪੈਦਾ ਹੋ ਸਕਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media