ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਬੜੀ ਖੁਸ਼ੀ ਦੀ ਗੱਲ ਹੈ, ਪ੍ਰੰਤੂ ਸੰਗਤਾਂ ਵੱਲੋਂ ਫੋਨ ਅਤੇ ਸ਼ੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ, ਕਿਉਂਕਿ ਸਭ ਜਗ੍ਹਾ ਇੰਟਰਨੈਟ ਦੀ ਸਹੂਲਤ ਨਹੀਂ ਹੈ।ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀ.ਵੀ।ਜਿਸ ਕਰਕੇ ਬਹੁਤਾਤ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ।
ਸਿੰਘ ਸਾਹਿਬ ਨੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਵੀ ਚੈਨਲ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …