Sunday, December 22, 2024

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈਬ ਚੈਨਲ ਸ਼ੁਰੂ

ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈਬ ਚੈਨਲ ਅੱਜ ਸ਼ੂਰੂ ਹੋ ਗਿਆ ਹੈ।ਕੱਲ ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਥੇ ਵੈੱਬ ਚੈਨਲ ਦੀ ਰਸਮੀ ਆਰੰਭਤਾ ਕੀਤੀ ਗਈ ਸੀ।ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਗਏ ਇਸ ਚੈਨਲ ਦਾ ਨਾਂ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ, ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ।
ਚੈਨਲ ਦੀ ਆਰੰਭਤਾ ਲਈ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਗੁਰਬਾਣੀ ਪ੍ਰਸਾਰਣ ਦੀ ਆਰੰਭਤਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਸੰਗਤ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ।ਐਡਵੋਕੇਟ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ ਅਤੇ ਹੋਰ ਕੋਈ ਚੈਨਲ ਨਹੀਂ ਚਲਾ ਸਕੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਵੀ ਜਲਦ ਸਥਾਪਿਤ ਕਰ ਲਵੇਗੀ, ਜਿਸ ਨੂੰ ਲੈ ਕੇ ਸਰਗਰਮੀ ਨਾਲ ਪ੍ਰਕਿਰਿਆ ਜਾਰੀ ਹੈ।ਫਿਲਹਾਲ ਸੈਟੇਲਾਈਟ ਲਈ ਸੰਗਤ ਦੀ ਮੰਗ ਅਨੁਸਾਰ ਪੀ.ਟੀ.ਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪੀ.ਟੀ.ਸੀ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਅਪੀਲ ਕੀਤੀ ਸੀ, ਜਿਨ੍ਹਾਂ ਨੇ ਸਹਿਮਤੀ ਦੇ ਦਿੱਤੀ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸ਼ੋਸਲ ਮੀਡੀਆ ਪਲੇਟਫਾਰਮਾਂ ’ਤੇ ਗੁਰਬਾਣੀ ਪ੍ਰਸਾਰਣ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਹੀਨਾਵਾਰ ਖਰਚੇ ਵੀ ਪੀ.ਟੀ.ਸੀ ਵੱਲੋਂ ਕੀਤੇ ਜਾਣਗੇ।
ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਸਰਵਣ ਕਰਨ ਲਈ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਯੂਟਿਊਬ ਅਤੇ ਫੇਸਬੁੱਕ ਚੈਨਲ ਨਾਲ ਜੁੜਨ।ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿੱਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਹੋਏ ਚੈਨਲ ਦੀ ਵਧਾਈ ਵੀ ਦਿੱਤੀ।
ਉਕਤ ਸਮਾਗਮ ਵਿੱਚ ਹਾਜ਼ਰ ਸ਼ਖ਼ਸੀਅਤਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਜਸਵਿੰਦਰ ਸਿੰਘ ਜੱਸੀ, ਭਾਈ ਹਰਚੰਦ ਸਿੰਘ ਆਦਿ ਮੌਜ਼ੂਦ ਸਨ।
ਇਸੇ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਸੰਸਥਾ ਸਰਕਾਰੀ ਚਾਲਾਂ ਦਾ ਹਮੇਸ਼ਾਂ ਮੂੰਹਤੋੜ ਜਵਾਬ ਦਿੰਦੀ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਸਿੱਖ ਪੰਥ ਆਪਣੇ ਕਾਰਜ ਆਪ ਕਰਨੇ ਜਾਣਦਾ ਹੈ।ਉਨ੍ਹਾਂ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁੱਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਸਿੱਖ ਸੰਸਥਾ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …