Friday, March 13, 2026

ਮੁੱਖ ਮੰਤਰੀ ਵਲੋਂ ਨੌਕਰੀ ਦੌਰਾਨ ਹਾਦਸੇ ‘ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿੱਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਹੈ ਕਿ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ।
ਅੱਜ ਇੱਥੇ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿੱਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ।ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜ਼ਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜ਼ਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜ਼ਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ।ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10000 ਰੁਪਏ ਕਰ ਦਿੱਤੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਭਾਵੁਕਤਾ ਵਾਲਾ ਸਮਾਗਮ ਹੈ ਅਤੇ ਪੂਰਾ ਦੇਸ਼ ਇਨ੍ਹਾਂ ਸੂਰਬੀਰਾਂ ਵਲੋਂ ਦਿੱਤੀ ਮਹਾਨ ਕੁਰਬਾਨੀ `ਤੇ ਮਾਣ ਮਹਿਸੂਸ ਕਰਦਾ ਹੈ।ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਨ੍ਹਾਂ ਕੌਮੀ ਨਾਇਕਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਸਦਾ ਰਿਣੀ ਰਹਿਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਖਾਤਰ ਇਨ੍ਹਾਂ ਨਾਇਕਾਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ, “ਕਾਰਗਿਲ ਜੰਗ ਦੌਰਾਨ ਉਹ ਇੱਕ ਕਲਾਕਾਰ ਸਨ ਅਤੇ ਇਨ੍ਹਾਂ ਕੌਮੀ ਨਾਇਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਪਟਿਆਲਾ ਵਿਖੇ ਇੱਕ ਚੈਰਿਟੀ ਸ਼ੋਅ ਵੀ ਕਰਵਾਇਆ ਸੀ।ਇਸ ਸ਼ੋਅ ਦਾ ਇਕੱਠਾ ਹੋਇਆ ਸਾਰਾ ਪੈਸਾ ਫੌਜ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।”
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਬਹਾਦਰ ਅਤੇ ਦ੍ਰਿੜ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।ਜਿੰਨਾਂ ਵਿਚੋਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਣ ਵਾਲਿਆਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ।ਉਨਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਕਈ ਹੋਰ ਯੋਧਿਆਂ ਨੇ ਦੇਸ਼ ਆਜ਼ਾਦ ਕਰਵਾਉਣ ਲਈ ਆਪਣਾ ਖੂਨ ਵਹਾਇਆ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ।ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਮੁੱਖ ਮੰਤਰੀ ਨੇ ਕਿਹਾ, “ਅਮਰ ਜਵਾਨ ਜੋਤੀ ਤੇਲ ਨਾਲ ਨਹੀਂ ਬਲਕਿ ਸ਼ਹੀਦਾਂ ਦੇ ਖੂਨ ਨਾਲ ਜਗਦੀ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਪਤਵੰਤਿਆਂ ਨੂੰ ਇਸ ਸਮਾਗਮ ਵਿੱਚ ‘ਜੀ ਆਇਆਂ’ ਕਿਹਾ ਅਤੇ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਨਾਂ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ।

 

 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …