ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ
ਹੈ ਅਤੇ ਇਸੇ ਹੀ ਤਹਿਤ ਮੀਂਹ ਦੀ ਮਾਰ ਝੱਲ ਰਹੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਾਗਿੰਗ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।ਇਹ ਪ੍ਰਘਟਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਜਨਾਲਾ ਹਲਕੇ ਦੇ ਪਿੰਡ ਕੋਟਲੀ ਅੰਬ ਅਤੇ ਇਬਰਾਹੀਮਪੁਰ ਡਰੇਨਾਂ ਦੀ ਸਫਾਈ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਡੀ.ਸੀ ਤਲਵਾੜ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਵਿੱਚ ਮੀਂਹ ਕਾਰਨ ਕਾਫੀ ਬੂਟੀ ਆ ਗਈ ਹੈ, ਜਿਸ ਨਾਲ ਪਾਣੀ ਦੀ ਨਿਕਾਸੀ ਦਾ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਨ੍ਹਾਂ ਡਰੇਨਾਂ ਵਿੱਚ ਬੂਟੀ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਬਿਨਾਂ ਰੁਕਾਵਟ ਹੋ ਸਕੇ।ਉਨਾਂ ਵੱਲੋਂ ਆਪਣੀ ਹਾਜ਼ਰੀ ਵਿੱਚ ਦੋਹਾਂ ਪਿੰਡਾਂ ਦੀਆਂ ਡਰੇਨਾਂ ਦੀ ਬੂਟੀ ਸਾਫ ਕਰਵਾਈ ਗਈ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਤੁੰਗ ਢਾਬ ਡਰੇਨ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁੰਗਢਾਬ ਡਰੇਨ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਲਈ ਜੋ ਵੀ ਮਸ਼ੀਨਰੀ ਲੋੜੀਂਦੀ ਹੈ, ਉਸ ਦੀ ਤੁਰੰਤ ਖਰੀਦ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਲ ਸਥਿਤੀ ਦਾ ਟਾਕਰਾ ਕਰਨ ਲਈ 50 ਹਜ਼ਾਰ ਬੋਰੀਆਂ ਦੇ ਕੱਟਿਆਂ ਦਾ ਇੰਤਜ਼ਾਮ ਕੀਤਾ ਜਾਵੇ।ਇਸ ਮੌਕੇ ਐਸ.ਡੀ.ਐਮ ਅਜਨਾਲਾ ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media