Saturday, July 27, 2024

ਖ਼ਾਲਸਾ ਕਾਲਜ ਵੂਮੈਨ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਚਲਾਏ ਜਾ ਰਹੇ ਦਫ਼ਤਰ ਜਿਲ੍ਹਾ ਭਾਸ਼ਾ ਅਫ਼ਸਰ ਦੇ ਸਾਂਝੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੌਰਾਨ ਰੂ-ਬ-ਰੂ ਸਮਾਰੋਹ (ਪਹਿਲਾ ਸੈਸ਼ਨ) ਕਵਿਤਾ ਵਰਕਸ਼ਾਪ (ਦੂਜਾ ਸੈਸ਼ਨ) ਅਤੇ ਸਾਵਣ ਕਵੀ ਦਰਬਾਰ (ਤੀਜਾ ਸੈਸ਼ਨ) ਕਰਵਾਇਆ ਗਿਆ।ਸਮਾਰੋਹ ‘ਚ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰਸਿੱਧ ਕਵੀ ਡਾ. ਮੋਹਨਜੀਤ, ਨਾਮਵਰ ਸ਼ਾਇਰ ਤੇ ਵਿਦਵਾਨ ਲੇਖਕ ਪ੍ਰੋ. ਸੁਹਿੰਦਰ ਬੀਰ, ਖ਼ਾਲਸਾ ਕਾਲਜ ਐਸੋਸੀਏਟ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪੰਜਾਬੀ ਵਿਭਾਗ ਮੁਖੀ ਪ੍ਰ੍ਰ. ਰਵਿੰਦਰ ਕੌਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।ਪਹਿਲੇ ਸੈਸ਼ਨ ਦੀ ਪ੍ਰਧਾਨਗੀ ਡਾ. ਸੁਰਿੰਦਰ ਕੌਰ ਨੇ ਕੀਤੀ।ਹਰਪ੍ਰੀਤ ਸਿੰਘ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਵਲੋਂ ਅਜਿਹੇ ਸਮਾਰੋਹ ਉਲੀਕਣ ਬਾਰੇ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਪ੍ਰਸਿੱਧ ਪੰਜਾਬੀ ਕਵੀ ਮਲਵਿੰਦਰ ਸਿੰਘ ਨੂੰ ਦਰਸ਼ਕਾਂ ਨਾਲ ਰੂ-ਬ-ਰੂ ਕਰਵਾਇਆ ਗਿਆ।ਉਨ੍ਹਾਂ ਨੇ ਆਪਣੀ ਕਵਿਤਾ ਵਿੱਚ ਉਭਰਦੇ ਵਿਸ਼ਿਆਂ ਬਾਰੇ ਚਾਨਣਾ ਪਾਇਆ।ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਅਜਿਹੇ ਸਮਾਰੋਹ ਦੇ ਆਯੋਜਨ ਲਈ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਾ ਵਿਭਾਗ ਪੰਜਾਬ ਦਾ ਧੰਨਵਾਦ ਵੀ ਕੀਤਾ।ਇਸ ਸੈਸ਼ਨ ਦੌਰਾਨ ਮਲਵਿੰਦਰ ਸਿੰਘ ਦੀ ਪੁਸਤਕ ‘ਚੁੱਪ ਦਾ ਮਰਮ ਪਛਾਣੀਏ’ ਲੋਕ ਅਰਪਣ ਕੀਤੀ ਗਈ, ਜਦਕਿ ਪ੍ਰਮੁੱਖ ਵਕਤਾ ਡਾ. ਬਲਜੀਤ ਕੌਰ ਰਿਆੜ ਨੇ ਇਸ ਪੁਸਤਕ ਦੇ ਵਿਸ਼ਿਆਂ ਬਾਰੇ ਭਰਪੂਰ ਚਾਨਣਾ ਪਾਇਆ।
ਇਸ ਦੌਰਾਨ ਪ੍ਰਮੁੱਖ ਵਕਤਾ ਦੀ ਭੂਮਿਕਾ ਪ੍ਰੋ. ਰਵਿੰਦਰ ਕੌਰ ਨੇ ਨਿਭਾਈ।ਉਨ੍ਹਾਂ ਨੇ ਕਵਿਤਾ ਦੇ ਸਿਧਾਂਤਕ ਪਹਿਲੂਆਂ ਬਾਰੇ ਚਰਚਾ ਕਰਦੇ ਹੋਏ ਆਧੁਨਿਕ ਕਾਵਿ ਰੂਪਾਂ ਬਾਰੇ ਵਿਚਾਰ ਸਾਂਝੇ ਕੀਤੇ।ਤੀਜੇ ਸੈਸ਼ਨ ਦੌਰਾਨ ਸਾਵਣ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿਚ ਡਾ. ਮੋਹਨਜੀਤ (ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਤੇ ਪ੍ਰਸਿੱਧ ਪੰਜਾਬੀ ਕਵੀ) ਨੇ ਪ੍ਰਧਾਨਗੀ ਕੀਤੀ।ਇਸ ਕਵੀ ਦਰਬਾਰ ਵਿੱਚ ਜਿਲੇ੍ਹ ਦੇ ਪ੍ਰਸਿੱਧ ਕਵੀਆਂ ਨੇ ਸਾਵਣ ਤੇ ਆਪਣੀਆਂ ਕਵਿਤਾਵਾਂ ਗਾ ਕੇ ਅਤੇ ਸੁਣਾ ਕੇ ਖ਼ੂਬ ਰੰਗ ਬੰਨ੍ਹਿਆ।
ਇਸ ਮੌਕੇ ਮੰਚ ਸੰਚਾਲਨ ਡਾ. ਬਲਜੀਤ ਕੌਰ ਰਿਆੜ ਨੇ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …