Monday, July 8, 2024

ਮੁੱਖ ਮੰਤਰੀ ਮਾਨ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ, ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ।ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ, ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜ਼ੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁੱਲ ਉਲਟ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ 21 ਸਾਲ ਉਡੀਕ ਬਾਅਦ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ।ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ।ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …