ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜ਼ੂਦ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …