ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ
ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ।
ਵਧੀਕ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਤੇ ਗਵਰਨਰ ਪੰਜਾਬ ਵਲੋਂ ਸ਼ਿਰਕਤ ਕੀਤੀ ਜਾਣੀ ਸੀ।ਪ੍ਰੰਤੂ ਉਨਾਂ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਨਹੀਂ ਪੁੱਜ ਸਕੇ।ਉਨਾਂ ਨੇ ਗਵਰਨਰ ਪੰਜਾਬ ਦਾ ਸੰਦੇਸ਼ ਵੀ ਪੜ੍ਹ ਕੇ ਸੁਣਾਇਆ।ਉਨਾਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਜ਼ਰੂਰਤ ਹੈ ਕਿ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਨੇ 26 ਸਾਲ ਦੀ ਉਮਰ ਵਿੱਚ ਹੀ ਆਪਣੀ ਜਵਾਨੀ ਦੇਸ਼ ਦੇ ਲੇਖੇ ਲਾ ਦਿੱਤੀ ਸੀ।ਤਲਵਾੜ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੀਏ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੋਧਿਆਂ ਦੀ ਸੀ।
ਮਨਦੀਪ ਘਈ ਦੀ ਟੀਮ ਵਲੋਂ ਬਲੀਦਾਨ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਬੱਚਿਆਂ ਵੱਲੋਂ ਦੇਸ਼ ਭਗਤੀ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ।ਸ਼ਹੀਦ ਮਦਨ ਲਾਲ ਸਮਾਰਕ ਸਮੀਤਿ ਦੀ ਪ੍ਰਧਾਨ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਉਨਾਂ ਕਿਹਾ ਕਿ ਅੱਜ ਸਮੇਂ ਦੀ ਸੱਭ ਤੋਂ ਵੱਡੀ ਜ਼ਰੂਰਤ ਹੈ ਕਿ ਸਕੂਲਾਂ ਕਾਲਜਾਂ ਵਿੱਚ ਸ਼ਹੀਦਾਂ ਦੀ ਜੀਵਨੀ ਨੂੰ ਪੜ੍ਹਾਇਆ ਜਾਵੇ।ਵੱਖ ਵੱਖ ਸਕੂਲਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੇ ਕਰਵਾਏ ਗਏ ਭਾਸ਼ਣ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਟੇਟ ਬੈਂਕ ਆਫ ਇੰਡੀਆ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮੀਤਿ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਭੇਂਟ ਕੀਤੀਆ ਗਈਆਂ।ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮਿਤੀ ਵਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਮਨਕੰਵਲ ਚਾਹਲ, ਐਸ.ਡੀ.ਐਮ ਰਾਜੇਸ਼ ਸ਼ਰਮਾ, ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ ਇੰਜ: ਸੰਜੀਵ ਸ਼ਰਮਾ, ਡਾ. ਰਾਕੇਸ਼ ਕੁੰਦਰਾ, ਰੀਜ਼ਨਲ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਵਿੰਮਲੇਂਦੂ ਸ਼ੇਖਰ ਵਤਸ, ਡਾ. ਰਾਮ ਚਾਵਲਾ, ਅਨੁਜ ਸਿੱਕਾ, ਪਿਆਰੇ ਲਾਲ ਸੇਠ ਤੋਂ ਇਲਾਵਾ ਵੱਡੀ ਗਿਣਤੀ ‘ਚ ਸਕੂਲੀ ਬੱਚੇ ਅਤੇ ਲੋਕ ਹਾਜ਼ਰ ਸਨ।
Punjab Post Daily Online Newspaper & Print Media