Sunday, October 6, 2024

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ ਸਮਾਗਮ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਸਾਲਾਨਾ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਪ੍ਰੇਰਣਾ ਸਰੋਤ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਿੱਖਾਂ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਮਾਣ ਮਹਿਸੂਸ ਕਰਦੀ ਹੈ।ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚੱਲਣਾ ਚਾਹੀਦਾ ਹੈ।ਗਿਆਨੀ ਸੁਲਤਾਨ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।
ਗਿਆਨੀ ਸੁਲਤਾਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤਰਫੋਂ ਹਾਜ਼ਰੀ ਲਗਵਾਉਂਦਿਆਂ ਉਨ੍ਹਾਂ ਵੱਲੋਂ ਇਸ ਦਿਹਾੜੇ ਸਬੰਧੀ ਸੰਗਤ ਲਈ ਭੇਜਿਆ ਗਿਆ ਸੰਦੇਸ਼ ਵੀ ਪੜ੍ਹਿਆ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਲੋੜ ਹੈ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਜਿਹੀ ਦ੍ਰਿੜ੍ਹਤਾ ਨਾਲ ਉਨ੍ਹਾਂ ਦੇਹਧਾਰੀ ਅਤੇ ਪਾਖੰਡੀ ਲੋਕਾਂ ਨੂੰ ਮੂੰਹਤੋੜ ਜਵਾਬ ਦੇਵੇ, ਜੋ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਢਾਅ ਲਗਾਉੇਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਦਲੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ।ਇਸ ਤੋਂ ਇਲਾਵਾ ਅਮਰੀਕਾ ਤੋਂ ਪੁਜੇ ਰਘਬੀਰ ਸਿੰਘ ਬੱਬੀ, ਜਨਰਲ ਸਕੱਤਰ ਸੁਖਜਿੰਦਰ ਸਿੰਘ ਰਿੰਪੀ ਤੇ ਸਤਨਾਮ ਸਿੰਘ ਟਾਹਲੀ ਨੇ ਵੀ ਸੰਬੋਧਨ ਕੀਤਾ।ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਤੇ ਭਾਈ ਸਤਵੰਤ ਸਿੰਘ ਨੇ ਨਿਭਾਈ।ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੋਂ ਗਰੀਬ ਸਿੰਘ ਕਾਲੀ ਪਿਹੋਵਾ, ਚੇਅਰਮੈਨ ਅਮਰੀਕ ਸਿੰਘ ਮੋਰਥਲੀ, ਹੈਡ ਗ੍ਰੰਥੀ ਭਾਈ ਜਸਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਅੰਮ੍ਰਿਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਗਿਆਨੀ ਬਲਜੀਤ ਸਿੰਘ ਅਰਦਾਸੀਆ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਿੰਦਰ ਸਿੰਘ ਸਮੇਤ ਸੰਗਤ ਮੌਜੂਦ ਸੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …