ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ
ਗਠਿਤ ਜ਼ਿਲ੍ਹਾ ਪੱੱਧਰੀ ਕਮੇਟੀ ਅਤੇ ਜਿਲ੍ਹੇ ਵਿੱਚ ਬਣੇ ਬਿਰਧ ਘਰਾਂ ਲਈ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਭਲਾਈ ਸਕੀਮਾਂ, ਸਿਹਤ ਅਤੇ ਹੋਰਨਾਂ ਅਜਿਹੀਆਂ ਸਹੂਲਤਾਂ ਦਾ ਲਾਭ ਪਹਿਲ ਦੇ ਆਧਾਰ ‘ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਜਾਂ ਬੈਂਕਾਂ ਵਿੱਚ ਕਿਸੇ ਵੀ ਕੰਮ-ਕਾਜ਼ ਲਈ ਆਉਣ ਵਾਲੇ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਲਈ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸੇ ਤਰ੍ਹਾਂ ਜਿਲ੍ਹੇ ਵਿੱਚ ਚੱਲ ਰਹੇ ਬਿਰਧ ਆਸ਼ਰਮਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਿਯਮਤ ਤੌਰ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਹਰ ਲੋੜਵੰਦ ਬਜ਼ੁਰਗ ਦਾ ਸਿਹਤ ਪਖੋਂ ਖਾਸ ਖਿਆਲ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸੇ ਦੇ ਨਾਲ ਹੀ ਜੇਕਰ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮਦਦ ਦੀ ਲੋੜ ਹੋਵੇ ਤਾਂ ਉਹ ਨੈਸ਼ਨਲ ਐਲਡਰ ਹੈਲਪਲਾਈਨ ਨੰਬਰ 14567 ਉਪਰ ਕਾਲ ਕਰਕੇ ਮਦਦ ਲੈ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਤਰ੍ਹਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ।ਉਨ੍ਹਾਂ ਸਿਹਤ ਵਿਭਾਗ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੇ ਦਿਵਿਆਂਗਤਾ ਸਬੰਧੀ ਸਰਟੀਫਿਕੇਟ ਸੰਜ਼ੀਦਗੀ ਨਾਲ ਬਣਾਏ ਜਾਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਨੈਸ਼ਨਲ ਟਰੱਸਟ ਐਕਟ ਅਧੀਨ ਗਠਿਤ ਲੋਕਲ ਪੱਧਰੀ ਕਮੇਟੀ ਦੀ ਮੀਟਿੰਗ ਵੀ ਹੋਈ, ਜਿਸ ਤਹਿਤ ਲੀਗਲ ਗਾਰਡੀਅਨ ਦੇ ਦੋ ਵੱਖ ਵੱਖ ਕੇਸ ਪ੍ਰਵਾਨ ਕੀਤੇ ਗਏ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੈਰੀਫਾਈ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਬਜ਼ੁਰਗ ਹੀ ਹਾਸਲ ਕਰ ਸਕਣ।ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਤੋਂ ਰਿਟਾਇਰਡ ਪੈਨਸ਼ਨਰ ਆਪਣਾ ਅਤੇ ਆਪਣੇ ਜੀਵਨ ਸਾਥੀ ਦੇ ਆਧਾਰ ਕਾਰਡ ਦੀ ਫੋਟੋ ਕਾਪੀ ਕਿਸੇ ਵੀ ਦਫ਼ਤਰੀ ਕੰਮ ਕਾਜ ਦੇ ਸਮੇਂ ਅੰਦਰ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਿਖੇ ਜਮਾਂ ਕਰਵਾ ਕੇ ਆਪਣੀ ਪੈਨਸ਼ਨ ਵੈਰੀਫਾਈ ਕਰਵਾ ਸਕਦੇ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ ਰਿਚਾ ਗੋਇਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਬਿਰਧ ਆਸ਼ਰਮਾਂ ਦੇ ਪ੍ਰਬੰਧਕ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media