Monday, July 8, 2024

ਮੁੱਖ ਮੰਤਰੀ ਵਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ‘ਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ।
ਇਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ `ਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ।ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇਥੇ ਆਏ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ’ਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ਼ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਿਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਇਕ ਲੱਖ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ।ਸ਼ਰਧਾਲੂ ਆਉਂਦੇ ਹਨ।ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ।
ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ।ਉਨਾਂ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ।ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ‘ਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁੱਕਵੀਂ ਵਿਵਸਥਾ ਹੋਵੇ।ਉਨਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ‘ਤੇ ਨਹੀਂ ਜਾਣਗੇ, ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜ਼ੀਦਾ ਯਤਨਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ।ਇਸੇ ਤਰ੍ਹਾਂ ਜ਼ਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵਲੋਂ ਸੂਬੇ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ।ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ।ਇਸ ਜਗ੍ਹਾ ‘ਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ।ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁਲਿਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ।ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰੇਗਾ।

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …