Saturday, July 27, 2024

ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸੈਮੀਨਾਰ 21 ਨੂੰ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਜੋਗਾ ਸ਼ਾਮਲ ਹੋਏ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮਾਂ ਤਹਿਤ ਖਾਲਸਾ ਕਾਲਜ ਵਿਖੇ 21 ਸਤੰਬਰ 2023 ਨੂੰ ‘ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ਼ ਦੇ ਪ੍ਰਾਪਤੀਆਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਭਾਈ ਗਰੇਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਡਾ. ਹਰਭਜਨ ਸਿੰਘ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਪਰਚੇ ਪੜ੍ਹੇ ਜਾਣਗੇ।ਇਸੇ ਦੌਰਾਨ ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੇਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਨੂੰ ਲੈ ਕੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …