Wednesday, December 4, 2024

ਖਾਲਸਾ ਕਾਲਜ ਵਿਖੇ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ

ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ਼ ਕਾਰਜ਼ ਕਰਵਾ ਕੇ ਇੱਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ਼ ਅਤੇ ਪ੍ਰਾਪਤੀਆਂ ਦਾ ਜ਼ਿਕਰ ਹੋਵੇਗਾ।ਇਹ ਐਲਾਨ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।ਸੈਮੀਨਾਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸੰਬੋਧਨ ਤੋਂ ਇਲਾਵਾ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਖੋਜ ਭਰਪੂਰ ਪਰਚੇ ਪੜ੍ਹੇ ਗਏ।
ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਭਾ ਲਹਿਰ ਦੇ ਆਗੂਆਂ ਨੇ ਤਤਕਾਲੀ ਸਿੱਖ ਚੁਣੌਤੀਆਂ ਨੂੰ ਵੇਖਦਿਆਂ ਆਪਣੀ ਤਾਕਤ ਦਾ ਅਹਿਸਾਸ ਕੀਤਾ ਅਤੇ ਇਕ ਰਣਨੀਤੀ ਤਹਿਤ ਹਲਾਤਾਂ ਦਾ ਮੁਕਾਬਲਾ ਕਰ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ।ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੰਘ ਸਭਾ ਲਹਿਰ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਵਾਂਗ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁੱਟਤਾ ਨਾਲ ਮੁਕਾਬਲਾ ਕੀਤਾ ਜਾਵੇ।ਉਨਾਂ ਐਲਾਨ ਕੀਤਾ ਕਿ ਸਿੰਘ ਸਭਾ ਲਹਿਰ ਦੀ 150ਵੀਂ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਇਸ ਦੇ ਅਲ਼ੱਗ ਅਲ਼ੱਗ ਪਹਿਲੂਆਂ ’ਤੇ ਖੋਜ ਕਾਰਜ਼ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਭਾਵੇਂ ਇਸ ਤੋਂ ਪਹਿਲਾਂ ਕਈ ਵਿਦਵਾਨਾਂ ਨੇ ਸਿੰਘ ਸਭਾ ਲਹਿਰ ਬਾਰੇ ਕਾਰਜ਼ ਕੀਤਾ ਹੈ, ਇਸ ਦੇ ਹਰੇਕ ਪੱਖ ਨੂੰ ਸ਼ਾਮਲ ਕਰਕੇ ਸੰਗ੍ਰਹਿ ਪ੍ਰਕਾਸ਼ਿਤ ਕੀਤਾ ਜਾਵੇਗਾ, ਜਿਸ ਵਿਚ ਸਿੱਖ ਵਿਦਵਾਨਾਂ ਦਾ ਸਹਿਯੋਗ ਲਿਆ ਜਾਵੇਗਾ।1 ਅਕਤੂਬਰ 2023 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਨੂੰ ਸੱਦੇ ਭੇਜ ਕੇ ਇਕੱਠ ਕੀਤਾ ਜਾਵੇਗਾ, ਤਾਂ ਜੋ ਕੌਮ ਅੰਦਰ ਕ੍ਰਾਂਤੀ ਲਿਆਉਣ ਵਾਲੀ ਇਸ ਲਹਿਰ ਦੀ ਸ਼ਤਾਬਦੀ ਇਤਿਹਾਸਕ ਹੋ ਨਿਬੜੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਇਤਿਹਾਸ ਭਵਿੱਖੀ ਤਰਜ਼ੀਹਾਂ ਨਿਰਧਾਰਤ ਕਰਨ ਲਈ ਅਹਿਮ ਰੋਲ ਅਦਾ ਕਰਦਾ ਹੈ।ਸਾਹਿਤ, ਸਿੱਖੀ ਪ੍ਰਚਾਰ ਅਤੇ ਵਿਦਿਅਕ ਅਦਾਰੇ ਸਥਾਪਤ ਕਰਨੇ ਸਿੰਘ ਸਭਾ ਲਹਿਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ।ਅੱਜ ਇਸ ਤੋਂ ਸੇਧ ਲੈ ਕੇ ਸੰਗਠਿਤ ਹੋਣ ਦੀ ਵੱਡੀ ਲੋੜ ਹੈ।
ਸੈਮੀਨਾਰ ਮੌਕੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੰਚ ਸੰਚਾਲਨ ਕੀਤਾ।ਸਿੱਖ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਵੱਲੋਂ ਲਿਖਿਆ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਸਿੰਘ ਸਭਾ ਲਹਿਰ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖ਼ਾਲਸਾ ਕਾਲਜ ਦੀ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਸੈਮੀਨਾਰ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿੰਸੀਪਲ ਡਾ. ਮਹਿਲ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੁਪਰਡੈਂਟ ਰਾਜਿੰਦਰ ਸਿੰਘ ਰੂਬੀ, ਪ੍ਰੋ. ਬਲਜਿੰਦਰ ਸਿੰਘ, ਸੁਖਦੇਵ ਸਿੰਘ ਸੰਧਾਵਾਲੀਆ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …