ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਜਿਸ ਵਿਚ ਗੁਰੂ ਨਗਰੀ ਵਿਖੇ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਨੂੰ ਵਿਚਾਰਿਆ ਗਿਆ।ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ।ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਨੂੰ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਗਿਆ ਹੈ।ਉਨ੍ਹਾਂ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚੋਂ ਦੁਕਾਨਾਂ ਦੇ ਬਾਹਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ, ਤਾਂ ਜੋ ਸੰਗਤਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।ਅੰਮ੍ਰਿਤਸਰ ਦੇ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਆਈ.ਪੀ.ਐਸ ਡਾ. ਮਹਿਤਾਬ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਰਦਿਆਂ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਵਿਵਸਥਾ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਇਕੱਤਰਤਾ ਵਿਚ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਐਸ.ਐਚ.ਓ ਜਸਪਾਲ ਸਿੰਘ, ਇੰਜੀ: ਸੰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …