Saturday, December 2, 2023

ਸਲਾਈਟ ਵਿਖੇ ਪ੍ਰਸਾਸ਼ਨ ਨੇ ਨਸ਼ਿਆਂ ਅਤੇ ਪਰਾਲੀ ਸਾੜਨ ਵਿਰੁੱਧ ਡਟਣ ਦੀ ਸਹੁੰ ਚੁੱਕਵਾਈ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਾਰੀ ਦਿਸ਼ਾ-ਨਿਰਦਸ਼ਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਸੰਗਰੂਰ ਵਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ।ਇਨ੍ਹਾਂ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਅਗਵਾਈ ‘ਚ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ (ਸਲਾਇਟ) ਲੌਂਗੋਵਾਲ ਦੇ ਆਡੀਟੋਰੀਅਮ ਵਿੱਚ ਸਿਹਤ ਵਿਭਾਗ ‘ਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਨਸ਼ਾਖੋਰੀ ਵਿਰੁੱਧ ਵਿੱਢੀ ਮੁਹਿੰਮ ਦਾ ਸਰਗਰਮ ਹਿੱਸਾ ਬਣਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਆਸ਼ਾ ਵਰਕਰਾਂ ਦਾ ਪਿੰਡਾਂ ਦੇ ਲੋਕਾਂ ਨਾਲ ਬਹੁਤ ਚੰਗੇ ਪੱਧਰ ਦਾ ਰਾਬਤਾ ਹੈ ਜਿਸ ਨੂੰ ਨਸ਼ਿਆਂ ਦੀ ਅਲਾਮਤ ਨੂੰ ਮੁੱਢੋਂ ਖਤਮ ਕਰਨ ਲਈ ਇੱਕ ਵੱਡੇ ਹਥਿਆਰ ਵਜੋਂ ਵਰਤਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਗਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਇੱਕ ਬਿਮਾਰ ਵਿਅਕਤੀ ਵਜੋਂ ਵੇਖਣਾ ਚਾਹੀਦਾ ਹੈ ਅਤੇ ਸਹੀ ਇਲਾਜ਼ ਤੋਂ ਬਾਅਦ ਉਹ ਨਸ਼ਿਆਂ ਦੀ ਵਰਤੋਂ ਨੂੰ ਬਿਲਕੁੱਲ ਬੰਦ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੰਜਾਬ ਸਰਕਾਰ ਵਲੋਂ ‘ਓਟ’ ਕੇਂਦਰਾਂ ‘ਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਲੋੜ ਸਿਰਫ ਇਨ੍ਹਾਂ ਬਿਮਾਰ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਹੈ।ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਲਈ ਆਸ਼ਾ ਵਰਕਰ ਘਰ-ਘਰ ਜਾ ਕੇ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਲੱਛਣ ਅਤੇ ਇਸਦੇ ਸਹੀ ਇਲਾਜ਼ ਲਈ ਲੋਕਾਂ ਨੂੰ ਸਿੱਖਿਅਤ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਾਬਦਾਂ ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ‘ਚ ਦਾਖਲ ਮਰੀਜਾਂ ਨੇ ਉਨ੍ਹਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਪ੍ਰਾਈਵੇਟ ਸੈਂਟਰਾਂ ਤੋਂ ਕਈ ਗੁਣਾ ਵਧੀਆ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਇਹ ਜੰਗ ਫੈਸਲਾਕੁੰਨ ਤਰੀਕੇ ਨਾਲ ਲੜੀ ਜਾ ਰਹੀ ਹੈ ਤੇ ਇਸ ਨੂੰ ਜਿੱਤਣ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀ ਨੂੰ ਇਸ ਦਲਦਲ ਵਿਚੋਂ ਕੱਢਣ ਲਈ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਸਮੂਹ ਆਸ਼ਾ ਵਰਕਰ ਵੀ ਘਰ-ਘਰ ਜਾ ਕੇ ਲੋਕਾਂ ਖ਼ਾਸ ਕਰ ਨਸ਼ਿਆਂ ਦੇ ਆਦੀ ਪਰਿਵਾਰਕ ਮੈਂਬਰਾਂ ਨੂੰ ਇਸ ਦੇ ਇਲਾਜ਼ ਬਾਰੇ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰੀ ਤੇ ਇਸ ਦੀ ਵਿਕਰੀ ਪੂਰੀ ਸਖ਼ਤੀ ਨਾਲ ਰੋਕੀ ਜਾ ਰਹੀ ਹੈ ਅਤੇ ਹੁਣ ਨਸ਼ਿ਼ਆਂ ਦੇ ਆਦੀ ਵਿਅਕਤੀਆਂ ਨੂੰ ਇਸ ਦੇ ਸਹੀ ਇਲਾਜ ਲਈ ਸਿਹਤ ਸੰਸਥਾਵਾਂ ਤੱਕ ਲੈ ਕੇ ਜਾਣਾ ਬਹੁਤ ਜਰੂਰੀ ਹੋ ਗਿਆ ਹੈ, ਜੋ ਕਿ ਆਸ਼ਾ ਵਰਕਰ ਬਾਖੂਬੀ ਕਰ ਸਕਦੇ ਹਨ।ਪੁਲਿਸ ਵਿਭਾਗ ਨਸ਼ਿ਼ਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਇੱਕ ਐਂਟੀ ਡਰੱਗ ਹੈਲਪਲਾਈਨ ਨੰਬਰ 8054-112-112 ਜਾਰੀ ਕੀਤਾ ਗਿਆ ਹੈ, ਜਿਥੇ ਸੰਪਰਕ ਕਰਨ ਵਾਲੇ ਹਰ ਵਿਅਕਤੀ ਦਾ ਨਾਂ-ਪਤਾ ਗੁਪਤ ਰੱਖਿਆ ਜਾਵੇਗਾ।ਇਸ ਜਾਗਰੂਕਤਾ ਸਮਾਗਮ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਅਤੇ ਪਰਾਲੀ ਸਾੜਨ ਵਿਰੁੱਧ ਡਟ ਕੇ ਖੜ੍ਹਨ ਦੀ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਡਾਇਰੈਕਟਰ ਸਲਾਈਟ ਪ੍ਰੋਫੈਸਰ ਮਨੀਕਾਂਤ ਪਾਸਵਾਨ, ਐਸ.ਪੀ ਪਲਵਿੰਦਰ ਚੀਮਾ, ਐਸ.ਪੀ ਰਾਕੇਸ਼ ਕੁਮਾਰ, ਐਸ.ਪੀ ਯੋਗੇਸ਼ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਤੇ ਵੱਡੀ ਗਿਣਤੀ ‘ਚ ਆਸ਼ਾ ਵਰਕਰ, ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …