Sunday, December 22, 2024

ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ, ਬੀਬੀ ਇੰਦਰਜੀਤ ਕੌਰ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ, ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ।ਇਕੱੱਤਰਤਾ ਦੌਰਾਨ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਗਿਆ ਅਤੇ ਵੱਖ-ਵੱਖ ਦੇਸ਼ਾਂ ਵਿਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਹੋਈ।
ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਕੱਤਰਤਾ ਦੌਰਾਨ ਇਹ ਵਿਚਾਰ ਉਭਰਿਆ ਕਿ ਦੁਨੀਆਂ ਅੰਦਰ ਸਥਿਤ ਹਰ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਿਆ ਹੋਵੇ ਅਤੇ ਅੱਜ ਦੇ ਵਿਸ਼ਵੀ ਪ੍ਰਸੰਗ ਵਿਚ ਸਿੱਖਾਂ ਦੀ ਲੋੜਾਂ, ਸਮੱਸਿਆਵਾਂ ਅਤੇ ਕਾਰਜ਼ਜਾਂ ਲਈ ਇਕ ਏਜੰਡਾ ਤਿਆਰ ਕੀਤਾ ਜਾਵੇ।ਸ਼੍ਰੋਮਣੀ ਕਮੇਟੀ ਦੇ ਸਮੁੱਚੇ ਇਤਿਹਾਸ ਨੂੰ ਛਾਪਣ ਅਤੇ ਅਤੀਤ ਵਿਚ ਲਏ ਗਏ ਫੈਸਲਿਆਂ, ਮਤਿਆਂ ਅਤੇ ਅਹਿਮ ਕੌਮੀ ਕੇਸਾਂ ਦੀ ਕਾਰਵਾਈ ਅਤੇ ਪੈਰਵਾਈ ਨੂੰ ਸੰਗਤ ਵਿਚ ਪ੍ਰਚਾਰਨ ਲਈ ਯਤਨ ਕਰਨ ਦੀ ਵੀ ਗੱਲ ਆਖੀ ਗਈ।ਸਿੱਖ ਰਹਿਤ ਮਰਯਾਦਾ ਨੂੰ ਹਰ ਗੁਰੂ ਘਰ ਤੱਕ ਪ੍ਰਚਾਰਨ ਅਤੇ ਵਿਸ਼ਵ ਪੱਧਰ ’ਤੇ ਸਿੱਖ ਪਛਾਣ ਦੇ ਮਾਮਲੇ ਨੂੰ ਉਠਾਇਆ ਗਿਆ।
ਐਡਵੋਕੇਟ ਧਾਮੀ ਨੇ ਸਾਰੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਆਏ ਸੁਝਾਵਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਮਤਿਆਂ ਨੂੰ ਛਾਪਣ ਦਾ ਕਾਰਜ਼ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਹੈ।ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਜੱਸੀ ਮੀਤ ਸਕੱਤਰ, ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …