Friday, November 22, 2024

ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ – ਈ.ਟੀ.ਓ

ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਗੁਰੂ ਵਿਖੇ ਪੁੱਜਣ ‘ਤੇ ਨਿੱਘਾ ਸਵਾਗਤ ਕਰਦੇ ਸਮੇਂ ਕੀਤਾ ਅਤੇ ਬੱਸ ਨੂੰ ਜੰਡਿਆਲਾ ਗੁਰੂ ਤੋਂ ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਖਡੂਰ ਸਾਹਿਬ ਅਤੇ ਤਰਨ ਤਾਰਨ ਵਿਖੇ ਝੰਡੀ ਦੇ ਕੇ ਰਵਾਨਾ ਕੀਤਾ।ਈ.ਟੀ.ਓ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੱਢੀ ਜਾ ਰਹੀ 5 ਰੋਜ਼ਾ ਭਾਸ਼ਾ ਜਾਗਰੂਕਤਾ ਰੈਲੀ ਆਪਣੇ ਆਪ ਵਿੱਚ ਇਕ ਇਤਿਹਾਸਕ ਕਾਰਜ਼ ਹੈ।ਉਨ੍ਹਾਂ ਦੱਸਿਆ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਇਸ ਰੈਲੀ ਦਾ ਮਨੋਰਥ ਪੰਜਾਬ ਵਾਸੀਆਂ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨ ਅਤੇ ਇਸ ਨੂੰ ਰੁਜ਼ਗਾਰ ਦੀ ਭਾਸ਼ਾ ਬਣਾ ਕੇ ਆਪਣੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ।ਈ.ਟੀ.ਓ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਸਾਰੇ ਪ੍ਰਾਈਵੇਟ, ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਦੀ ਪੜ੍ਹਾਈ ਲਾਜ਼ਮੀ ਹੈ ਅਤੇ ਪੰਜਾਬ ਰਾਜ ਦੇ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਦਫਤਰੀ ਕੰਮਕਾਜ਼ ਵੀ ਪੰਜਾਬੀ ਵਿੱਚ ਕਰਨਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਪੰਜਾਬ ਦੇ ਸਰਕਾਰੀ, ਗੈਰ ਸਰਕਾਰੀ ਅਦਾਰਿਆਂ, ਪ੍ਰਾਈਵੇਟ ਦੁਕਾਨਾਂ ਤੇ ਹਰ ਤਰ੍ਹਾਂ ਦੇ ਵਪਾਰਕ ਕਾਰੋਬਾਰੀਆਂ ਅਦਾਰਿਆਂ ਦੇ ਬੋਰਡਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਕਰ ਦਿੱਤੇ ਗਏ ਹਨ, ਜਿਸ ਲਈ ਪੰਜਾਬ ਸਰਕਾਰ ਵੱਲੋਂ 31 ਮਾਰਚ 2023 ਨੂੰ ਵਪਾਰਕ ਅਦਾਰਿਆਂ ਨਾਲ ਸਬੰਧਤ ਐਕਟ ਵਿੱਚ ਬਕਾਇਦਾ ਸੋਧ ਕਰਕੇ ਸਜ਼ਾ ਵੀ ਨਿਰਧਾਰਤ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ, ਜਿਸ ਦੇ ਚੇਅਰਮੈਨ ਦਲਬੀਰ ਸਿੰਘ ਕਥੂਰੀਆ ਹਨ, ਉਹ ਜੰਡਿਆਲਾ ਗੁਰੂ ਦੇ ਜ਼ੰਮਪਲ ਹਨ ਅਤੇ ਉੰਨਾਂ ਨੇ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਵਿਦੇਸ਼ ਵਿੱਚ ਜਾ ਕੇ ਲੋਕਾਂ ਨੂੰ ਉਤਸ਼ਾਹਿਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਮੁੱਚੀ ਟੀਮ ਪ੍ਰਧਾਨ ਦਲਬੀਰ ਕੋਰ ਰਾਏਕੋਟੀ ਵੱਲੋਂ ਵੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਨੌਜਵਾਨ ਪੀੜ੍ਹੀ ਵਿੱਚ ਸਾਹਿਤਕ ਰੁਚੀਆਂ ਨੂੰ ਉਤਪੰਨ ਕਰਨ ਲਈ ਰਾਜ ਪੱਧਰ ਅਤੇ ਜਿਲ੍ਹਾ ਪੱਧਰ ’ਤੇ ਬਾਲ ਗਿਆਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਸੂਬੇਦਾਰ ਛਨਾਖ ਸਿੰਘ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁਨੈਨਾ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …