ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ
ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।
ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਇੱਕ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 24 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਬਹੁਤ ਦਿਨਾਂ ਤੋਂ ਲਾਵਾਰਿਸ ਪਿਆ ਹੈ।ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਕਸਬਾ ਜੰਡਿਆਲਾ ਗੁਰੂ ਵਿਖੇ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ।ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਦੁਬਈ ਅੰਦਰ ਗੁਰਪ੍ਰੀਤ ਦੇ ਰਿਸ਼ਤੇਦਾਰ ਨੂੰ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਪੀਡਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ,ਮੀਤ ਪ੍ਰਧਾਨ ਸਸ਼ਿਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 351 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਪ੍ਰੀਤ ਸਿੰਘ ਦੇ ਪਿਤਾ ਮਦਨ ਸਿੰਘ, ਚਾਚਾ ਸੁਖਦੇਵ ਸਿੰਘ,ਜੀਜਾ ਬਿਕਰਮਜੀਤ ਸਿੰਘ,ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਛੋਟੇ-ਛੋਟੇ ਬੱਚਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media