Tuesday, September 15, 2026

ਜਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਜੋਰਾਂ ‘ਤੇ- ਝੋਨੇ ਦੀ ਰਫਤਾਰ ਮੱਠੀ

ਜਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ 47 ਖਰੀਦ ਕੇਂਦਰਾਂ ‘ਚ ਤਿਆਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ ਅਤੇ ਇਸ ਲਈ ਜਿਲ੍ਹੇ ਵਿਚ 47 ਖਰੀਦ ਕੇਂਦਰਾਂ ਵਿਚ ਮੁਕੰਮਲ ਤਿਆਰੀ ਕਰ ਲਈ ਗਈ ਹੈ।ਪਰ ਫਿਲਹਾਲ 29 ਮੰਡੀਆਂ ਵਿਚ ਹੀ ਬਾਸਮਤੀ ਤੇ ਝੋਨੇ ਦੀ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਖਰੀਦ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਨ ਬਾਅਦ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਅਸੀਂ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਨ ਤੋਂ ਇਲਾਵਾ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਕਰਨ ਦੇ ਸਾਰੇ ਪ੍ਰਬੰਧ ਕੀਤੇ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜ਼ੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।ਪੰਜਾਬ ਮੰਡੀ ਬੋਰਡ ਵਲੋਂ ਨੋਟੀਫਾਈ ਖਰੀਦ ਕੇਂਦਰਾਂ ਵਿਖੇ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ।3 ਅਕਤੂਬਰ ਤੱਕ ਸਾਡੇ ਜਿਲ੍ਹੇ ਦੀਆਂ ਮੰਡੀਆਂ ਵਿੱਚ 167968 ਟਨ ਬਾਸਮਤੀ ਦੀ ਆਮਦ ਹੋਈ ਹੈ, ਜਦਕਿ ਝੋਨੇ ਦੀ ਆਮਦ ਕੇਵਲ 6990 ਟਨ ਹੈ।ਬਾਸਮਤੀ ਦੀ ਖਰੀਦ ਤਾਂ ਨਿੱਜੀ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਘੱਟੋ ਘੱਟ ਸਮਰਥਨ ਮੁੱਲ ‘ਤੇ ਕੀਤੀ ਜਾਵੇਗੀ।ਜਿਲ੍ਹਾ ਮੰਡੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਬਾਸਮਤੀ ਤੇ ਝੋਨਾ ਗਿੱਲਾ ਨਾ ਲਿਆਉਣ।
ਉਨਾਂ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਹਨ ਅਤੇ ਕਈ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਵੀ ਇਸ ਵਾਰ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਜਿਲਾ ਮੰਡੀ ਅਧਿਕਾਰੀ ਅਮਨਦੀਪ ਸਿੰਘ, ਡੀ.ਐਫ.ਐਸ.ਸੀ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …