ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ
ਭਗਵੰਤ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਚੱਲ ਰਹੇ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਮੇਤ ਹੋਰ ਸਮੁੱਚੀਆਂ ਸੰਸਥਾਵਾਂ ਵਿੱਚੋਂ ਵਿਦਿਆ ਪ੍ਰਾਪਤ ਕਰ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਪਈ ਕਰੋੜਾਂ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2017-18, 2018-19 ਅਤੇ 2019-20 ਲਈ ਬਕਾਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦਾ 40% ਹਿੱਸਾ ਤੁਰੰਤ ਜਾਰੀ ਕਰਨ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਨਜ਼ਰਅੰਦਾਜ਼ ਕਰਕੇ ਅਜੇ ਤੱਕ ਕਈ ਸੰਸਥਾਵਾਂ ਨੂੰ ਅਜਿਹੀ ਕੋਈ ਰਾਸ਼ੀ ਜਾਰੀ ਨਹੀਂ ਕੀਤੀ ਗਈ ਹੈ।ਪੰਜਾਬ ਸਰਕਾਰ 31 ਅਗਸਤ 2023 ਤੋਂ ਬਾਅਦ ਅੱਜ ਤੱਕ ਸਮਾਜ ਭਲਾਈ ਵਿਭਾਗ ਵਿੱਚ ਪ੍ਰਮੁੱਖ ਸਕੱਤਰ ਦੀ ਨਿਯੁੱਕਤੀ ਕਰਨ ਵਿੱਚ ਪੰਜਾਬ ਸਰਕਾਰ ਅਸਫਲ ਰਹੀ ਹੈ, ਜਿਸ ਕਾਰਨ ਸੰਸਥਾਵਾਂ ਨੂੰ ਹੋਣ ਵਾਲੀਆਂ ਅਦਾਇਗੀਆਂ ਰੁਕੀਆਂ ਪਈਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਹਾਸਲ ਕਰਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਸੀ, ਜਿਸ ਵਿੱਚ 60% ਹਿੱਸਾ ਕੇਂਦਰ ਸਰਕਾਰ ਦੁਆਰਾ ਅਤੇ ਬਾਕੀ 40% ਹਿੱਸਾ ਸੂਬਾ ਸਰਕਾਰ ਦੁਆਰਾ ਯੋਗਦਾਨ ਪਾਇਆ ਜਾਂਦਾ ਹੈ।
ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2023-24 ਲਈ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਦੂਜੇ ਪਾਸੇ ਜ਼ਿਆਦਾਤਰ ਉੱਚ ਸਿੱਖਿਆ ਸੰਸਥਾਵਾਂ ਨੂੰ ਸੈਸ਼ਨ 2022-23 ਲਈ ਵਜ਼ੀਫੇ ਦੀ ਰਾਸ਼ੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ, ਜੋ ਫਰਵਰੀ 2023 ਤੱਕ ਜਾਰੀ ਕੀਤੀ ਜਾਣੀ ਸੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media