Monday, March 16, 2026

ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਖ਼ਤਮ ਕਰਨਾ ਹੋਵੇਗੀ ਪਹਿਲੀ ਤਰਜ਼ੀਹ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – 2010 ਬੈਚ.ਦੇ ਆਈ.ਏ.ਐਸ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਅੰਮ੍ਰਿਤਸਰ ਦੇ 177ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਡਾਇਰੈਕਟਰ ਫੂੂਡ ਸਪਲਾਈ ਦੇ ਅਹੁੱਦੇ ‘ਤੇ ਤਾਇਨਾਤ ਸਨ।ਅੰਮਿ੍ਰਤਸਰ ਪੁੱਜਣ ‘ਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ‘ਜੀ ਆਇਆਂ’ ਕਿਹਾ।
ਇਸ ਉਪਰੰਤ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਥੋਰੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜ਼ੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਹੋਵੇਗੀ।ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਅਹਿਮ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।ਸਰਕਾਰ ਵਲੋਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ ਅਤੇ ਇਨਾਂ ਮੁਹੱਲਾ ਕਲੀਨਿਕਾਂ ਦੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ।ਉਨਾਂ ਕਿਹਾ ਕਿ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇਣਾ, ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਦੀ ਸਥਾਪਨਾ, ਵੈਡਿੰਗ ਡੈਸਟੀਨੇਸ਼ਨ ਆਦਿ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇੱਕ ਸਵਾਲ ਦੇ ਜਵਾਬ ਵਿੱਚ ਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਇਕ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹੈ। ਇਸ ਲਈ ਟ੍ਰੈਫਿਕ ਵਿਵਸਥਾ, ਸਾਫ਼ ਸਫ਼ਾਈ, ਪਾਰਕਿੰਗ ਦੀ ਸਮੱਸਿਆ ਆਦਿ ਹੋਰ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ।
ਥੋਰੀ ਨੇ ਕਿਹਾ ਕਿ ਭਾਵੇਂ ਬਤੌਰ ਡਿਪਟੀ ਕਮਿਸ਼ਨਰ ਬਹੁਤ ਸਾਰੇ ਰੁਝੇਵੇਂ ਹੁੰਦੇ ਹਨ, ਪਰ ਕੋਸ਼ਿਸ਼ ਹੋਵੇਗੀ ਕਿ ਰੋਜ਼ਾਨਾ ਲੋਕਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾ ਸਕੇ।ਦੱਸਣਯੋਗ ਹੈ ਕਿ ਥੋਰੀ ਸ੍ਰੀ ਗੰਗਾ ਨਗਰ ਰਾਜਸਥਾਨ ਨਾਲ ਸਬੰਧਤ ਹਨ।ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ, ਬਰਨਾਲਾ, ਸੰਗਰੂਰ ਅਤੇ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਥੋਰੀ ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ ਵੀ ਰਹੇ ਹਨ ਅਤੇ ਉਨਾਂ ਦੀ ਧਰਮ ਪਤਨੀ ਜਾਇੰਟ ਕਮਿਸ਼ਨਰ ਇਨਕਮ ਟੈਕਸ ਤਾਇਨਾਤ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …