Thursday, September 17, 2026

ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਸਤੇ ਹਲਫ਼ ਲੈਣ ਲਈ ਮੁੱਖ ਮੰਤਰੀ ਦੀ ਅਗਵਾਈ ‘ਚ ਅੰਮ੍ਰਿਤਸਰ ਜੁੜੀ ਭਾਰੀ ਭੀੜ

ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਹੰਭਲਾ ਮਾਰਨ ਤੇ ‘ਰੰਗਲਾ ਪੰਜਾਬ’ ਬਣਾਉਣ ਲਈ ਦਿੱਤਾ ਸੱਦਾ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ‘ਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿਖੇ ਜੁੜੇ।
ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਉਹ ਅੱਗੇ ਆ ਕੇ ਨਸ਼ਿਆਂ ਖ਼ਿਲਾਫ਼ ਆਖਰੀ ਦੇ ਫੈਸਲਾਕੁੰਨ ਹੰਭਲਾ ਮਾਰਨ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ।
ਮੁੱਖ ਮੰਤਰੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਹਲਫ਼ ਲਿਆ ਕਿ ਧਰਤੀ ਮਾਂ ਦੇ ਸੱਚੇ ਸਪੂਤ ਵਜੋਂ ਉਹ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣਗੇ ਅਤੇ ਸਿਹਤਮੰਦ ਜੀਵਨ ਬਤੀਤ ਕਰਨਗੇ।ਉਨ੍ਹਾਂ ਇਹ ਵੀ ਹਲਫ਼ ਲਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਗਤੀਸ਼ੀਲ ਤੇ ਰੰਗਲਾ ਪੰਜਾਬ ਬਣਾਉਣ ਲਈ ਯੋਗਦਾਨ ਪਾਉਣਗੇ।ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਦੇ ਹਿੱਸੇ ਵਜੋਂ ਉਹ ਗੁਰੂਆਂ, ਪੀਰਾਂ-ਫ਼ਕੀਰਾਂ ਤੇ ਪੈਗੰਬਰਾਂ ਦੀ ਧਰਤੀ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਆਪਣਾ ਜੀਵਨ ਸਮਰਪਿਤ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਇਸ ਸੁਚੱਜੇ ਕਾਰਜ਼ ਲਈ ਸੂਬਾ ਸਰਕਾਰ ਦਾ ਸਹਿਯੋਗ ਤੇ ਤਾਲਮੇਲ ਕਰਨ ਦਾ ਵੀ ਪ੍ਰਣ ਲਿਆ।
ਇਸ ਦੌਰਾਨ ਇਸ ਮੁਹਿੰਮ ਨੂੰ ਨਵੇਂ ਦੌਰ ਦਾ ਪਹੁ-ਫੁਟਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚੋਂ ਇਸ ਖ਼ਤਰੇ ਦੇ ਸਫ਼ਾਏ ਦਾ ਮੁੱਢ ਬੱਝ ਚੁੱਕਾ ਹੈ ਅਤੇ ਸੂਬੇ ਨੂੰ ਇਸ ਸਰਾਪ ਤੋਂ ਮੁਕਤੀ ਲਈ ਅੰਤਮ ਤੇ ਫੈਸਲਾਕੁੰਨ ਹੰਭਲੇ ਦਾ ਸਮਾਂ ਆ ਚੁੱਕਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਵੱਡ-ਆਕਾਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ ਹਰੇਕ ਸਾਲ 2100 ਰੈਗੂਲਰ ਆਸਾਮੀਆਂ ਦਾ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਲਈ ਪਿੰਡ ਤੇ ਸ਼ਹਿਰ ਦੇ ਪੱਧਰ ‘ਤੇ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਸਿਹਤਮੰਦ ਸੂਬੇ ਵਿੱੱਚ ਤਬਦੀਲ ਕਰਨ ਲਈ ਪ੍ਰੇਰਕ ਦਾ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਤਾਂ ਕਿ ਇਸ ਘਿਨਾਉਣੇ ਜ਼ੁਰਮ ਵਿੱਚ ਸ਼ਾਮਲ ਲੋਕਾਂ ਨੂੰ ਆਪਣੇ ਅਪਰਾਧਾਂ ਦੀ ਮਿਸਾਲੀ ਸਜ਼ਾ ਮਿਲੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਹੁਨਰਮੰਦ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਤਸਕਰੀ ਲਈ ਲਾਂਘਾ ਹੈ, ਜਿਸ ਕਾਰਨ ਸੂਬਾ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …