Friday, October 18, 2024

ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈਸਵੇਅ- ਭਗਵੰਤ ਮਾਨ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ।ਉਨਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ।ਇਸ ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ।ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ‘ਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ।ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਸ਼ਾਹਰਾਹ 11510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ।ੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …