Friday, June 13, 2025

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ’ਚ ਲੱਗੇਗਾ ਵਿਦੇਸ਼ੀ ਤਕਨੀਕ ਦਾ ਫਿਲਟਰ ਸਿਸਟਮ

ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਸਰਪ੍ਰਸਤ ਵੱਲੋਂ ਕਰਵਾਈ ਜਾਵੇਗੀ ਸੇਵਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲਾ ਦੂਸਰਾ ਗੁਰ-ਅਸਥਾਨ ਹੈ, ਜਿਥੇ ਪਾਵਨ ਸਰੋਵਰ ਅੰਦਰ ਫਿਲਟਰ ਸਿਸਟਮ ਲਗਾਇਆ ਜਾਵੇਗਾ।ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਹ ਫੈਸਲਾ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਵਿੱਤਰ ਸਰੋਵਰ ਵਿੱਚ ਅਜਿਹਾ ਸਿਸਟਮ ਲਗਾਇਆ ਹੋਇਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸਰੋਵਰ ਵਿਚ ਲਗਾਏ ਜਾਣ ਵਾਲੇ ਫਿਲਟਰ ਸਿਸਟਮ ਦੀ ਸੇਵਾ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਸਰਪ੍ਰਸਤ ਅਮਰੀਕਾ ਵਾਸੀ ਸਿੱਖ ਨਿਰਮਲ ਸਿੰਘ ਚੰਦੀ ਅਤੇ ਲਖਵਿੰਦਰ ਸਿੰਘ ਕਾਹਨੇਕੇ ਨੂੰ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਹੈ, ਜਿਥੇ ਸਭ ਤੋਂ ਵੱਡਾ ਇਤਿਹਾਸਕ ਸਰੋਵਰ ਹੈ।ਇਥੇ ਲਗਾਇਆ ਜਾਣ ਵਾਲਾ ਫਿਲਟਰ ਸਿਸਟਮ ਅਤਿ ਆਧੁਨਿਕ ਕਿਸਮ ਦਾ ਹੋਵੇਗਾ, ਜਿਸ ਵਿੱਚ ਵਿਦੇਸ਼ੀ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਵੱਲੋਂ ਪਹਿਲਾਂ ਵੀ ਕਈ ਗੁਰੂ ਘਰਾਂ ਅੰਦਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਦਿਆਂ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੂਰਜੀ ਊਰਜਾ ਦੇ ਪਲਾਂਟ ਲਗਾਏ ਜਾ ਚੁੱਕੇ ਹਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਫਾਊਂਡੇਸ਼ਨ ਦੇ ਨੁਮਾਇੰਦੇ ਨਿਰਮਲ ਸਿੰਘ ਚੰਦੀ, ਗਿਆਨ ਸਿੰਘ ਸੰਧੂ ਕੈਨੇਡਾ, ਕਰਨੈਲ ਸਿੰਘ ਸੰਧੂ ਅਮਰੀਕਾ, ਸਤਨਾਮ ਸਿੰਘ, ਇਕਬਾਲ ਸਿੰਘ ਅਤੇ ਲਖਵਿੰਦਰ ਸਿੰਘ ਕਾਹਨੇਕੇ ਵੱਲੋਂ ਅਮਰੀਕਾ ਅੰਦਰ ਸ਼੍ਰੋਮਣੀ ਕਮੇਟੀ ਨੂੰ ਪ੍ਰਚਾਰ ਕੇਂਦਰ ਅਤੇ ਪਬਲੀਕੇਸ਼ਨ ਲਈ ਪ੍ਰੈਸ ਲਗਾਉਣ ਵਾਸਤੇ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਫਾਊਂਡੇਸ਼ਨ ਵੱਲੋਂ ਸਿੱਖ ਇਤਿਹਾਸ ਸੰਗਤ ਤੱਕ ਪਹੁੰਚਾਉਣ ਲਈ ਡਿਜ਼ੀਟਲ ਮਿਊਜ਼ੀਅਮ ਦੀ ਵੀ ਪੇਸ਼ਕਸ਼ ਕੀਤੀ ਹੈ, ਜਿਸ ’ਤੇ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …