ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਕਾਰਜ਼ ਤੇ ਉਪਦੇਸ਼ ਮਨੁੱਖਤਾ ਨੂੰ ਅੰਮ੍ਰਿਤਮਈ ਜੀਵਨ ਸੇਧਾਂ ਦੇਣ ਵਾਲੇ ਹਨ ਅਤੇ ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਵਨ ਜੀਵੇ।ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ।ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ।ਕਵੀ ਦਰਬਾਰ ਵਿੱਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ।ਵੱਖ-ਵੱਖ ਮਹਾਂਪੁਰਖਾਂ ਵੱਲੋਂ ਵੀ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।
ਇਸੇ ਦੌਰਾਨ ਬੀਤੀ ਰਾਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਮੀਤ ਸਿੰਘ ਬੂਹ, ਮੰਗਵਿੰਦਰ ਸਿੰਘ ਖਾਪੜਖੇੜੀ, ਕੌਰ ਸਿੰਘ, ਅਮਰਜੀਤ ਸਿੰਘ ਭਲਾਈਪੁਰ, ਚਰਨਜੀਤ ਸਿੰਘ ਕਾਲੇਵਾਲ, ਪਰਮਜੀਤ ਸਿੰਘ ਰਾਏਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਹੋਰ ਮੌਜ਼ੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media