ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ‘ਸਾਡੇ ਬਜੁਰਗ ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ-2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ’ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਵੇਰੇ 10:00 ਵਜੇ ਤੋਂ ਸ਼ਾਮ 4.00 ਵਜੇ ਤੱਕ ਕੈਂਪ ਲਗਾਇਆ ਜਾਵੇਗਾ।ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ ਚੈਕਅੱਪ, ਅੱਖਾਂ ਦਾ ਚੈਕਅੱਪ, ਨਜ਼ਰ ਵਾਲੀਆਂ ਐਨਕਾਂ ਦੀ ਵੰਡ, ਅੱਖਾਂ ਦੀ ਜਾਂਚ, ਬੁੱਢਾਪਾ ਪੈਨਸ਼ਨ ਲਈ ਰਜਿਸਟਰੇਸ਼ਨ, ਸੀਨੀਅਰ ਸਿਟੀਜਨ ਕਾਰਡਾਂ ਦੀ ਵੰਡ ਆਦਿ ਸੇਵਾਵਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਕੀਤੀ।ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਲਾਹਾ ਲੈਣ ਦੀ ਅਪੀਲ ਕੀਤੀ।