Friday, July 5, 2024

ਲਗਾਤਾਰ ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਐਡਵੋਕੇਟ ਧਾਮੀ ਨੂੰ 118 ਅਤੇ ਘੁੰਨਸ ਨੂੰ ਮਿਲੀਆਂ 17 ਵੋਟਾਂ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 137 ਵੋਟਾਂ ਵਿੱਚੋਂ 118 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 137 ਮੈਂਬਰ ਮੌਜ਼ੂਦ ਰਹੇ।
ਜਨਰਲ ਇਜਲਾਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਲਈ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਚੁਣਿਆ ਗਿਆ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਗਏ, ਜਿਨ੍ਹਾਂ ਵਿੱਚ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ. ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਜਸਵੰਤ ਸਿੰਘ ਪੁੜੈਣ ਸ਼ਾਮਲ ਹਨ।
ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਇਹ ਸੇਵਾ ਤੀਜੀ ਵਾਰ ਮਿਲੀ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਮੁੱਚੇ ਹਾਊਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਦਲ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਯਤਨ ਕਰਨਗੇ ਕਿ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਦੀਆਂ ਸੇਵਾਵਾਂ ਕੌਮੀ ਭਾਵਨਾਵਾਂ ਅਨੁਸਾਰ ਕੀਤੀਆਂ ਜਾਣ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਮਾਂ ਕੌਮ ਲਈ ਚੁਣੌਤੀਆਂ ਵਾਲਾ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਸਾਹਮਣੇ ਹੋਣ ਦੇ ਨਾਲ-ਨਾਲ ਕਈ ਪੰਥਕ ਮਸਲੇ ਵੀ ਦਰਪੇਸ਼ ਹਨ।ਉਨ੍ਹਾਂ ਕਿਹਾ ਕਿ ਚਾਹੇ ਕੇਂਦਰ ਜਾਂ ਪੰਜਾਬ ਦੀ ਸਰਕਾਰ ਹੋਵੇ, ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ।ਸਰਕਾਰਾਂ ਵੱਲੋਂ ਵੋਟਾਂ ਬਣਾਉਣ ਲਈ ਬਹੁਤ ਥੋੜ੍ਹਾ ਸਮਾਂ ਦੇਣ ਪਿੱਛੇ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸਰਕਾਰਾਂ ਦਾ ਮੰਤਵ ਸਿੱਖਾਂ ਦੀਆਂ ਘੱਟ ਵੋਟਾਂ ਬਣਨ ਦੇਣਾ ਹੈ, ਤਾਂਕਿ ਇਨ੍ਹਾਂ ਨੂੰ ਪੰਜਾਬ ਅੰਦਰ ਘੱਟਗਿਣਤੀ ਦਰਸਾਇਆ ਜਾਵੇ।ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਕੌਮ ਦੇ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਦਾ ਇਕ ਵੱਡਾ ਮਸਲਾ ਹੈ, ਜਿਸ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦਾ ਚੋਣ ਨਤੀਜਾ ਇਹ ਦਰਸਾਉਂਦਾ ਹੈ ਕਿ ਦਲ ਦੇ ਸਮੁੱਚੇ ਮੈਂਬਰ ਇਕਜੁੱਟ ਹਨ ਅਤੇ ਆਪਣੀ ਪਾਰਟੀ ’ਤੇ ਭਰੋਸਾ ਕਰਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਤਰਜੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੋਧਾਂ ਅਤੇ ਸੇਧਾਂ ਤਹਿਤ ਅੱਗੇ ਵਧਿਆ ਜਾਵੇਗਾ।ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਲਈ ਨਵੀਆਂ ਸਰਾਵਾਂ ਸਥਾਪਤ ਕਰਨਾ ਵੀ ਏਜੰਡੇ ’ਤੇ ਹੋਵੇਗਾ।ਉਨ੍ਹਾਂ ਕਿਹਾ ਕਿ ਹੋਰ ਵੀ ਕਈ ਕੌਮੀ ਕਾਰਜ ਕੀਤੇ ਜਾਣ ਵਾਲੇ ਹਨ, ਜਿਨ੍ਹਾਂ ’ਤੇ ਕੌਮ ਦੇ ਵਿਦਵਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਮਸ਼ਵਰੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਬੰਧਕੀ ਸੁਧਾਰਾਂ ਵੱਲ ਵੀ ਵਧਿਆ ਜਾਵੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …