ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਕਮਾਨ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਅੱਜ ਖੁਦ ਵੀ ਮੈਦਾਨ ਵਿੱਚ ਨਿੱਤਰ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਜਿਥੇ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਨ ਲਈ ਅੱਗ ਲਗਾਈ ਗਈ ਸੀ, ਉਥੇ ਤੁਰੰਤ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ ਗਈ ਅਤੇ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਨ ਪੱਖੀ ਹੱਲ ਲਈ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸਦੇ ਵਾਤਾਵਰਨ ਪੱਖੀ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ ਉੱਪਰ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਕੋਲ ਲੋੜੀਂਦੀ ਮਸ਼ੀਨਰੀ ਦੀ ਘਾਟ ਹੈ ਉਨ੍ਹਾਂ ਨੂੰ ਵੀ ਸਹਿਕਾਰੀ ਸਭਾਵਾਂ ਅਤੇ ਹੋਰਨਾਂ ਵਸੀਲਿਆਂ ਰਾਹੀਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਇਸਦਾ ਇੰਤਜ਼ਾਮ ਕਰਕੇ ਦਿੱਤਾ ਜਾ ਰਿਹਾ ਹੈ।
ਡੀ.ਸੀ ਜਤਿੰਦਰ ਜ਼ੋਰਵਾਲ ਨੇ ਕਿਹਾ ਕਿ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਾਰੀਆਂ ਸਬਡਵੀਜ਼ਨਾਂ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਲੱਗੀ ਹੋਈ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਦੇ ਢੁੱਕਵੇਂ ਹੱਲ ਮੁਹੱਈਆ ਕਰਵਾਉਣ ਲਈ ਸਨਅਤੀ ਖੇਤਰ ਨੂੰ ਵੀ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਰਕਬੇ ਤੋਂ ਝੋਨੇ ਦੀ ਪਰਾਲੀ ਨੂੰ ਇਕੱਠਾ ਕੀਤਾ ਜਾ ਸਕੇ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਵਾਤਾਵਰਨ ਦਾ ਬਹੁਤ ਵੱਡੇ ਪੱਧਰ ‘ਤੇ ਨੁਕਸਾਨ ਹੁੰਦਾ ਹੈ, ਜਿਸ ਕਰਕੇ ਹਰ ਕਿਸਾਨ ਨੂੰ ਪੂਰੀ ਸੰਜ਼ੀਦਗੀ ਨਾਲ ਇਸਦੇ ਸੁਚੱਜੇ ਪ੍ਰਬੰਧ ਲਈ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ 400 ਤੋਂ ਜ਼ਿਆਦਾ ਅਧਿਕਾਰੀ ਅਤੇ ਕਰਮਚਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਲੱਗੀ ਹੋਈ ਅੱਗ ਨੂੰ ਬੁਝਾਉਣ ਦਾ ਕੰਮ ਕਰ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਪੀ ਨਵਰੀਤ ਸਿੰਘ ਵਿਰਕ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਬੀ.ਡੀ.ਪੀ.ਓ ਸੰਗਰੂਰ ਗੁਰਦਰਸ਼ਨ ਸਿੰਘ ਅਤੇ ਡੀ.ਐਸ.ਪੀ ਮਨੋਜ ਗੋਰਸੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …