Saturday, July 27, 2024

ਕੈਬਨਿਟ ਮੰਤਰੀ ਈ.ਟੀ.ਓ ਨੇ ਸਕੂਲਾਂ ‘ਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਵਾਲੀ ਮੌਕੇ ਸਰਕਾਰੀ ਸੀਨੀਅਰ ਸੈਕੰ: ਸਮਾਰਟ ਸਕੂਲ ਜੰਡਿਆਲਾ ਗੁਰੂ (ਜਿੱਥੇ ਉਨ੍ਹਾਂ ਆਪਣੀ ਪੜ੍ਹਾਈ ਕੀਤੀ ਅਤੇ 17 ਸਾਲ ਪੜ੍ਹਾਇਆ ਵੀ ਹੈ) ਵਿਖੇ ਦੀਵਾ ਜਗਾਇਆ ਅਤੇ ਅਰਦਾਸ ਕੀਤੀ ਕਿ ਇਹ ਵਿਦਿਆ ਦਾ ਮੰਦਿਰ ਇਸ ਤਰ੍ਹਾਂ ਹੀ ਸਭ ਦੀਆਂ ਜ਼ਿੰਦਗੀ ਵਿੱਚ ਰੌਸ਼ਨੀ ਕਰਦਾ ਰਹੇ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਵਿੱਚ ਵਿਦਿਆ ਰੂਪੀ ਜੋਤ ਜਗਾਉਣ ਦੀ ਲੋੜ ਹੈ, ਤਾਂ ਹੀ ਸਾਡਾ ਸਮਾਜ ਤਰੱਕੀ ਕਰ ਸਕਦਾ ਹੈ।ਉਨ੍ਹਾਂ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਕੂਲ ਆਫ਼ ਅਮਿਨੈਂਸ ਜੰਡਿਆਲਾ ਗੁਰੂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜੰਡਿਆਲਾ ਗੁਰੂ ਵਿਖੇ ਵੀ ਵਿਦਿਅਰਥੀਆਂ ਅਤੇ ਸਟਾਫ ਨਾਲ ਸਕੂਲਾਂ ਵਿੱਚ ਦੀਪਮਾਲਾ ਕੀਤੀ।
ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਗਵਾਹ ਬਣਨਗੇ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕ੍ਰਾਂਤੀਕਾਰੀ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਆਈ.ਏ.ਐਸ ਤੇ ਆਈ.ਪੀ.ਐਸ ਵਰਗੀਆਂ ਉਚ ਪਦਵੀਆਂ ‘ਤੇ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜ਼ੀਹ ਦਿੰਦੇ ਸਨ।ਪ੍ਰੰਤੂ ਮੌਜ਼ੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
ਉਨ੍ਹਾਂ ਇਸ ਮੌਕੇ ਹਾਜ਼ਰ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਉਚੇਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਇਸ ਗੱਲ ਦੀ ਗਵਾਹ ਹੈ ਕਿ ਸਰਕਾਰੀ ਸਕੂਲ ਆਉਣ ਵਾਲੇ ਸਮੇਂ ਦੌਰਾਨ ਦੇਸ਼ ਭਰ ਵਿੱਚ ਇੱਕ ਮਿਸਾਲ ਕਾਇਮ ਕਰਨਗੇ।
ਇਸ ਮੌਕੇ ਉਨ੍ਹਾਂ ਦੇ ਮਾਤਾ ਸ੍ਰੀਮਤੀ ਸੁਰਿੰਦਰ ਕੌਰ, ਸਤਿੰਦਰ ਸਿੰਘ, ਸੁੱਖਵਿੰਦਰ ਸੋਨੀ, ਸਰਬਜੀਤ ਸਿੰਘ ਡਿੰਪੀ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …