Monday, July 8, 2024

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀ, ਨੱਚਦੇ ਘੋੜੇ, ਢੋਲ ਨਗਾਰੇ ਤੇ ਨਰਸਿੰਙੇ ਖਿੱਚ ਦਾ ਕੇਂਦਰ ਰਹੇ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ, ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ਼ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਮਹੱਲਾ ਦੀ ਆਰੰਭਤਾ ਹੋਈ।
ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਭਾਈ ਸੁਖਜੀਤ ਸਿੰਘ ਕਨੱਈਆ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਬਾਬਾ ਇੰਦਰ ਸਿੰਘ, ਸਕੱਤਰ ਬੁੱਢਾ ਦਲ ਨੇ ਬਾਬਾ ਦਿਲਜੀਤ ਸਿੰਘ ਬੇਦੀ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ।ਮਹੱਲੇ ਵਿੱਚ ਸ਼ਾਮਲ ਹੋਣ ਲਈ ਪੁੱਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।ਗੁ: ਮੱਲ ਅਖਾੜਾ ਸਾਹਿਬ ਤੋਂ ਮਹੱਲਾ ਅਰੰਭ ਹੋਣ ਸਮੇਂ ਹਾਥੀਆਂ ਤੇ ਬੈਂਡ ਵਾਜਿਆਂ ਨੇ ਸਲਾਮੀ ਦਿੱਤੀ।
ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਚੜਦੀਕਲਾ ‘ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਜੁਆਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ।ਸਰਕਾਰਾਂ ਅੱਖਾਂ ਮੀਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਨੂੰ ਵਿਰੱਧ ਫੈਸਲਾਕੁੰਨ ਲੜਾਈ ਲੜਨ, ਨੌਜਵਾਨ ਵੀ ਧਰਮੀ ਬਨਣ ਤੇ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ।
ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ‘ਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਮਹੱਲੇ ਦੇ ਅੱਗੇ ਅੱਗੇ ਗੱਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗੱਤਕਾ ਖਿਡਾਰੀਆਂ ਨੇ ਜੰਗਜ਼ੂ ਕਰਤੱਬ ਦੇ ਜੌਹਰ ਦਿਖਾਏ।ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਪੈਦਲ ਯਾਤਰਾ ਕਰਦਿਆਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਵਾਜਿਆਂ ਗਾਜਿਆਂ ਸਮੇਤ ਪੁੱਜਾ।ਨਿਹੰਗ ਸਿੰਘਾਂ ਵਲੋਂ ਇੱਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਦੀ ਸਵਾਰੀ ਕਰ ਕੇ ਘੋੜ ਦੌੜ ਅਤੇ ਕਿਲੇ੍ ਪੁੱਟਣ ਦੇ ਜੌਹਰ ਦਿਖਾਏ ਗਏ।ਨੱਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ।
ਮਹੱਲੇ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਅਮਰੀਕ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ ਆਦਿ ਸ਼ਾਮਲ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …