ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾਇਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਾਂ-ਬਾਤਾਂ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਚਾਕਲੇਟਾਂ ਵੀ ਵੰਡੀ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਉਹ ਅੱਜ ਤੋਂ ਹੀ ਇਮਾਨਦਾਰੀ ਅਤੇ ਸੱਚਾਈ ਦਾ ਪੱਲਾ ਫੜ੍ਹ ਕੇ ਕੰਮ ਕਰਨਗੇ ਤਾਂ ਹੀ ਇੱਕ ਇਮਾਨਦਾਰ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ।ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਮਿਲ ਰਹੀਆਂ ਮਿਡ-ਡੇਅ ਮੀਲ ਵਰਗੀਆਂ ਸੁਵਿਧਾਵਾਂ ਅਤੇ ਪੜ੍ਹਾਈ ਦੇ ਪੱਧਰ ਬਾਰੇ ਵੀ ਗੱਲਬਾਤ ਕੀਤੀ।
ਡੀ.ਸੀ ਜਤਿੰਦਰ ਜੋਰਵਾਲ ਨੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ 10ਵੀਂ ਅਤੇ ਬਾਰਵੀਂ ਤੋਂ ਬਾਅਦ ਉਪਲਬਧ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਐਕਸੀਲੈਂਸ ਦੀ ਸ਼ੁਰੂਆਤ ਕੀਤੀ ਹੈ।ਜਿਸ ਦਾ ਮਕਸਦ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲੈ ਕੇ ਆਉਣਾ ਹੈ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਖੇੜੀ ਦੇ ਵੀ ਚਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲੈ ਕੇ ਆਉਣ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।ਜਿਸ ਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ।
ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਬਲਾਕ ਸਿੱਖਿਆ ਅਫ਼ਸਰ ਗੁਰਮੀਤ ਸਿੰਘ ਅਤੇ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …