Saturday, July 27, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਘਰਾਂ ‘ਚ ਹੀ ਮਿਲਣਗੀਆਂ 42 ਨਾਗਰਿਕ ਸੇਵਾਵਾਂ – ਮੁੱਖ ਮੰਤਰੀ

ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਐਲਾਨ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓ.ਟੀ ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ-ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਪੁਰਜ਼ੋਰ ਕੋਸ਼ਿਸ਼ਾਂ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੇਕ ਕਾਰਜ਼ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖ਼ੇਤਰ ਵਿੱਚ ਪੰਜਾਬ ਕੋਲ ਬੇਹੱਦ ਸੰਭਾਵਨਾਵਾਂ ਹਨ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਤਰੱਕੀ ਦੇਣੀ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਕਾਰਜ਼ਕਾਲ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਸਿਹਤ ਤੇ ਸਿੱਖਿਆ ਖ਼ੇਤਰ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਹੈ।ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਬਜਟ ਦੀ ਤਜਵੀਜ਼ ਰੱਖੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰੇਗੀ।ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ।ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸ-ਰੇਅ ਮਸ਼ੀਨਾਂ ਨਾਲ ਲੈਸ ਹੋਣਗੇ।ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ।ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲੱਬਧ ਹੋਣਗੀਆਂ, ਜਿਸ ਨਾਲ ਲੋਕਾਂ ਦੀ ਲੁੱਟ ਬੰਦ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ।ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ।ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ, ਸਰਕਾਰ ਨੂੰ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਨੂੰ ਠੱਲ੍ਹ ਪਾਉਣ ਲਈ ਇਕ ਡੇਟਾਬੇਸ ਤਿਆਰ ਕਰਨ ਵਿੱਚ ਵੀ ਮਦਦਗਾਰ ਹੋ ਰਹੇ ਹਨ।ਉਨਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀਆਂ ਸੇਵਾਵਾਂ ਯਕੀਨੀ ਬਣਨਗੀਆਂ।ਅਜਿਹਾ ਇਕ ਮੈਡੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ਼ਨਿਚਰਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਹੋਰ ਮੈਡੀਕਲ ਕਾਲਜ ਵੀ ਛੇਤੀ ਖੋਲ੍ਹੇ ਜਾਣਗੇ।ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਨੂੰ ‘ਜੀ ਆਇਆਂ’ ਆਖਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …