Friday, July 26, 2024

ਮੈਡੀਕਲ ਸਿੱਖਿਆ ਲਈ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ- ਭਗਵੰਤ ਮਾਨ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਝਾਬ ਸਰਕਾਰ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਤੇ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਹ ਸਮੇਂ ਦੀ ਮੰਗ ਹੈ ਕਿ ਇਸ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਸੇਧ ਦੇ ਕੇ ਨਵੀਆਂ ਲੀਹਾਂ ‘ਤੇ ਪਾਇਆ ਜਾਵੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਸਿਰਜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਪੂਰਨ ਲਈ ਠੋਸ ਉਪਰਾਲੇ ਕਰ ਰਹੀ ਹੈ।ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ’ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ਼ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।
ਪਿੱਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁੱਦਿਆਂ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡੀ ਸੰਨ੍ਹ ਲਾ ਕੇ ਬੜੇ ਵੱਡੇ ਮਹਿਲ ਉਸਾਰੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਬਹੁਤ ਉੱਚੀਆਂ ਹਨ ਅਤੇ ਇਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਇਹ ਕਾਰਜ਼ ਪੂਰਾ ਨਹੀਂ ਹੋ ਸਕਦਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …